ਗੂਹਲਾ ਚੀਕਾ, 24 ਨਵੰਬਰ (ਓ.ਪੀ. ਸੈਣੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਵੀਸ਼ਰੀ ਜਥਿਆਂ, ਰਾਗੀ ਢਾਡੀ ਜਥਿਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕੀਤਾ ਕਿ ਉਨ੍ਹਾਂ ਨੇ ਵਿਤਕਰੇ ਅਤੇ ਜਾਤੀਵਾਦ ਨੂੰ ਖਤਮ ਕੀਤਾ ਅਤੇ ਸਾਰਿਆਂ ਨੂੰ ਬਰਾਬਰ ਅਧਿਕਾਰ ਦਿੱਤੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 20 ਰੁਪਏ ਵਿਚ ਲੰਗਰ ਦੀ ਪਰੰਪਰਾ ਸ਼ੁਰੂ ਕੀਤੀ ਸੀ, ਜੋ ਅੱਜ ਵੀ ਜਾਰੀ ਹੈ। ਇੱਥੋਂ ਦੇ ਗੁਰਦੁਆਰਿਆਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਸੰਗਤ ਦੀ ਭਲਾਈ ਲਈ ਅਰਦਾਸ ਕੀਤੀ ਗਈ। ਉਪਰੰਤ, ਇਕ ਵਿਸ਼ਾਲ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਮੇਨ ਚੌਂਕ ਚੀਕਾ ਦੇ ਪ੍ਰਧਾਨ ਹੁਸ਼ਿਆਰ ਸਿੰਘ ਜੰਮੂ, ਸਾਬਕਾ ਪ੍ਰਧਾਨ ਦਿਲਬਾਗ ਸਿੰਘ ਵਿਰਕ, ਦਲੀਪ ਸਿੰਘ ਮਠਾੜੂ, ਕੰਬੋਜ ਸਭਾ ਦੇ ਪ੍ਰਧਾਨ ਹਰਜਿੰਦਰ ਸਿੰਘ ਕੰਬੋਜ, ਅਮਰੀਕ ਸਿੰਘ ਕੰਬੋਜ, ਮਾ. ਲਖਵਿੰਦਰ ਸਿੰਘ, ਮਨਜੀਤ ਸਿੰਘ ਹਾਂਡਾ, ਮੇਜਰ ਸਿੰਘ, ਗੁਰਪਾਲ ਸਿੰਘ, ਜਸਪਾਲ ਸਿੰਘ, ਗੁਰਜੀਤ ਸਿੰਘ ਜੋਸਨ, ਸੁਰਜੀਤ ਸਿੰਘ ਕੌੜਾ, ਗੁਰਬਖਸ਼ ਸਿੰਘ ਜੋਸਨ, ਤਰਸੇਮ ਸਰਪੰਚ, ਬਗੀਚਾ ਸਿੰਘ, ਸੁਖਵੰਤ ਸਿੰਘ, ਸੁਖਦੇਵ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਸਨ।