ਡਿਪਟੀ ਕਮਿਸ਼ਨਰ ਦਫ਼ਤਰ ’ਚ ਸੰਵਿਧਾਨ ਦਿਵਸ ਮਨਾਇਆ
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਸਭ ਤੋਂ ਪਹਿਲਾਂ ਸੰਵਿਧਾਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਸਭ ਤੋਂ ਪਹਿਲਾਂ ਸੰਵਿਧਾਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੀਤਾ, ਕੁਰਾਨ ਅਤੇ ਬਾਈਬਲ ਵਰਗੇ ਪਵਿੱਤਰ ਗ੍ਰੰਥਾਂ ਵਾਂਗ ਸੰਵਿਧਾਨ ਵੀ ਸਾਡਾ ਮਾਰਗਦਰਸ਼ਕ ਹੈ। ਅੱਜ ਅਸੀਂ ਸੰਵਿਧਾਨ ਦਿਵਸ ਮਨਾਉਣ ‘ਤੇ ਬਹੁਤ ਮਾਣ ਮਹਿਸੂਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਿਰਫ਼ ਇਕ ਕਿਤਾਬ ਨਹੀਂ ਹੈ, ਇਹ ਇਕ ਸੁੰਦਰ ਪ੍ਰਗਟਾਵਾ ਹੈ ਜਿਸ ਵਿਚ ਸਾਡੇ ਅਧਿਕਾਰਾਂ ਦੇ ਨਾਲ-ਨਾਲ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੰਵਿਧਾਨ ਦੀ ਕਿਤਾਬ ਨੂੰ ਆਪਣੇ ਘਰਾਂ ਵਿਚ ਹੋਰ ਪਵਿੱਤਰ ਗ੍ਰੰਥਾਂ ਦੇ ਨਾਲ ਰੱਖਣਾ ਚਾਹੀਦਾ ਹੈ ਅਤੇ ਇਸ ਬਾਰੇ ਆਪਣੇ ਬੱਚਿਆਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਬਚਪਨ ਵਿਚ ਹੀ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ ਤਾਂ ਜੋ ਉਹ ਚੰਗੇ ਨਾਗਰਿਕ ਬਣ ਸਕਣ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ। ਇਸ ਮੌਕੇ ਗੁਰਜਰ ਕੰਨਿਆ ਮਹਾਂਵਿਦਿਆਲਿਆ, ਦੇਵਧਰ ਤੋਂ ਡਾ. ਮਮਤਾ ਸ਼ਰਮਾ ਨੇ ਸੰਵਿਧਾਨ ਦੇ ਉਪਬੰਧਾਂ ਦਾ ਵਿਸਥਾਰ ਨਾਲ ਵਰਣਨ ਕੀਤਾ। ਇਸ ਮੌਕੇ ਮਹਾਰਾਜਾ ਅਗਰਸੇਨ ਕਾਲਜ ਦੇ ਐਸੋਸੀਏਟ ਪ੍ਰੋ . ਡਾ. ਵਰਿੰਦਰ ਸਿੰਘ ਢਿੱਲੋਂ ਨੇ ਸੰਵਿਧਾਨ ਦੇ ਇਤਿਹਾਸ, ਮੌਜੂਦਾ ਪ੍ਰਸੰਗਿਕਤਾ ਅਤੇ ਮਹੱਤਵ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਸਰਕਾਰੀ ਕਾਲਜ ਦੇ ਐਸੋਸੀਏਟ ਪ੍ਰੋ. ਮੰਗਲ ਸਿੰਘ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਲੋਕਤੰਤਰੀ ਪ੍ਰਣਾਲੀ ਦਾ ਇਕ ਜੀਵਤ ਦਸਤਾਵੇਜ਼ ਹੈ। ਇਹ ਸਾਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦੇ ਅਨੁਸਾਰ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਸੂਚਿਤ ਕਰਦਾ ਹੈ। ਜ਼ਿਲ੍ਹਾ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਡਾ. ਮਨੋਜ ਕੁਮਾਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਭਾਰਤੀ ਸੰਵਿਧਾਨ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ ਅਤੇ 2015 ਵਿਚ ਭੀਮ ਰਾਓ ਅੰਬੇਡਕਰ ਦੀ 125ਵੀਂ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਮੌਕੇ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ, ਡੀ. ਐਸ. ਪੀ. ਕਮਲਜੀਤ ਸਿੰਘ, ਡੀ. ਡੀ. ਪੀ. ਓ. ਨਰਿੰਦਰ ਸਿੰਘ, ਡਿਪਟੀ ਸੀ. ਈ. ਓ. ਜਸਵਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।