ਜਲੰਧਰ, 14 ਫਰਵਰੀ (ਸ਼ਿਵ)- ਮੁੱਖ ਮੰਤਰੀ ਭਗਵੰਤ ਮਾਨ ਦੀ ਜਲੰਧਰ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਲੁਬਾਣਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਾ ਸਿਰਫ਼ ਆਪਣੇ ਵਾਰਡ ਵਿਚ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਸਗੋਂ ਉਨ੍ਹਾਂ ਨੇ ਹੋਰ ਵੀ ਰਹਿੰਦੇ ਕੰਮਾਂ ਨੂੰ ਕਰਵਾਉਣ ਲਈ ਹਦਾਇਤਾਂ ਦੇਣ ਦੀ ਮੰਗ ਕੀਤੀ | ਮੁੱਖ ਮੰਤਰੀ ਨੇ ਆਪ ਆਗੂ ਕੁਲਦੀਪ ਸਿੰਘ ਲੁਬਾਣਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਉੱਤਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਦਿਨੇਸ਼ ਢਲ ਵੱਲ ਮੁਖ਼ਾਤਬ ਹੁੰਦੇ ਹੋਏ ਉਨ੍ਹਾਂ ਨੂੰ ਵੀ ਹਦਾਇਤ ਦਿੱਤੀ ਕਿ ਕੁਲਦੀਪ ਸਿੰਘ ਲੁਬਾਣਾ ਦੇ ਵਾਰਡਾਂ ਵਿਚ ਵਿਕਾਸ ਦੇ ਕੰਮਾਂ ਨੂੰ ਹੋਰ ਵੀ ਤੇਜ਼ੀ ਨਾਲ ਕਰਵਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਧੋਗੜੀ ਰੋਡ 'ਤੇ ਪਾਈਪਾਂ ਪਾਉਣ ਦੇ ਮਾਮਲੇ ਨੂੰ ਵੀ ਹੱਲ ਕਰਵਾਉਣ ਦੀ ਹਦਾਇਤ ਦਿੱਤੀ ਹੈ |