ਕਿਸ਼ਨਗੜ੍ਹ, 14 ਫਰਵਰੀ (ਹੁਸਨ ਲਾਲ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸ. ਗੜ੍ਹੀ ਨੇ ਇਥੇ ਬਣਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਜ਼ਮੀਨ ਦਾ ਕਾਰਜ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਸੈਂਟਰ ਜਿੱਥੇ ਗੁਰੂ ਰਵਿਦਾਸ ਜੀ ਦੇ ਸਮਾਨਤਾ, ਦਇਆ ਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਉੱਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਏ ਗਏ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਸਾਲ 2027 ਵਿੱਚ ਇਤਿਹਾਸਕ ਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ | ਇਸ ਮੌਕੇ ਸੰਤ ਲੇਖਰਾਜ ਨੂਰਪੁਰ, ਸੇਵਾਦਾਰ ਹਰਦੇਵ ਦਾਸ, ਬੀ.ਪੀ.ਈ.ਓ. ਬੀ.ਕੇ. ਮਹਿਮੀ, ਸੇਵਾਦਾਰ ਵਰਿੰਦਰ ਦਾਸ ਬੱਬੂ, ਦਵਿੰਦਰ ਦਾਸ ਆਦਿ ਹਾਜ਼ਰ ਸਨ |