ਸ਼ਾਹਕੋਟ, 27 ਫਰਵਰੀ (ਨਗਿੰਦਰ ਸਿੰਘ ਬਾਂਸਲ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਬਰਨਾਲਾ ਵਿਖੇ ਹੋ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਇਤਿਹਾਸਕ ਹੋਵੇਗੀ, ਇਹ ਵਿਚਾਰ ਪ੍ਰਗਟ ਕਰਦਿਆਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਇਹ ਰੈਲੀ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੋਲ ਖੋਲ੍ਹੇਗੀ | ਉਨ੍ਹਾਂ ਦੱਸਿਆ ਕਿ ਬਰਨਾਲਾ ਰੈਲੀ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸ਼ਾਜ਼ਿਸਾਂ ਨੂੰ ਬੇਨਕਾਬ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਪਣੀ ਸਰਕਾਰ ਬਣਾ ਕੇ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰੇਗੀ | ਸ. ਸ਼ੇਰੋਵਾਲੀਆ ਨੇ ਦੱਸਿਆ ਕਿ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਬਰਨਾਲਾ ਰੈਲੀ ਲਈ 28 ਫਰਵਰੀ ਨੂੰ ਸਵਰੇ 11 ਵਜੇ ਰਵਾਨਾ ਹੋਵੇਗਾ | ਉਨ੍ਹਾਂ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਬਰਨਾਲਾ ਰੈਲੀ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ |