ਜਲੰਧਰ, 28 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼ਹਿਰੀ ਜਨਤਕ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ ਨੰਗਲ ਸ਼ਾਮਾਂ ਵਿਖੇ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਡਾਗ ਸ਼ੈਲਟਰ ਬਣਨ ਜਾ ਰਿਹਾ ਹੈ | ਸੁਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਅਤੇ ਐਨੀਮਲ ਬਰਥ ਕੰਟਰੋਲ ਰੂਲਜ਼ 2023 ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਡਾਗ ਸ਼ੈਲਟਰ ਦਾ ਕੰਮ 31 ਮਾਰਚ 2026 ਤੋਂ ਪਹਿਲਾਂ ਸ਼ੁਰੂ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਡਾਗ ਸ਼ੈਲਟਰ ਦੀ ਸਥਾਪਨਾ ਨਾਲ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਘਟਾਉਣ ਅਤੇ ਲਾਵਾਰਸ ਕੁੱਤਿਆਂ ਲਈ ਢੁਕਵੀਂ ਡਾਕਟਰੀ ਦੇਖਭਾਲ ਤੇ ਇਲਾਜ ਨੂੰ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ | ਇਸ ਦੌਰਾਨ ਡਾ. ਅਗਰਵਾਲ ਨੇ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 10 ਤੇ 11 ਵਿਚ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ | ਜਦਕਿ ਵਾਰਡ ਨੰ. 8 ਤੇ 9 ਵਿਚ ਡਾਗ ਸਟਰਲਾਈਜ਼ੇਸ਼ਨ ਦਾ ਕੰਮ 80 ਫ਼ੀਸਦੀ ਪੂਰਾ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇਸ ਸਾਲ ਜਨਵਰੀ ਮਹੀਨੇ ਦੌਰਾਨ ਕਰੀਬ 543 ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ 3.50 ਕਰੋੜ ਦੀ ਲਾਗਤ ਨਾਲ ਨਵੀਂ ਗਾਉਸ਼ਾਲਾ ਦਾ ਵੀ ਨਿਰਮਾਣ ਕੀਤਾ ਜਾਵੇਗਾ ਜਿੱਥੇ 300 ਬੇਸਹਾਰਾ ਪਸ਼ੂਆਂ ਨੂੰ ਰੱਖਣ ਦੀ ਸਮਰਥਾ ਹੋਵੇਗੀ | ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿਚ ਤਬਦੀਲ ਕੀਤੇ ਜਾਣ ਦੇ ਯਤਨਾਂ ਦਾ ਵੀ ਜਾਇਜ਼ਾ ਲਿਆ | ਇਸ ਦੌਰਾਨ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਨਗਰ ਨਿਗਮ ਵੱਲੋਂ ਇੱਕ ਹੋਰ ਕੈਟਲ ਕੈਚਰ ਵਾਹਨ ਦੀ ਖ਼ਰੀਦ ਕੀਤੀ ਗਈ ਜਿਸ ਨਾਲ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿਚ ਤਬਦੀਲ ਕਰਨ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ | ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ¢