ਗੁਰਾਇਆ, 28 ਫਰਵਰੀ (ਬਲਵਿੰਦਰ ਸਿੰਘ)- ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਖ਼ਾਸ ਕਰਕੇ ਬੱਚਿਆਂ ਦੇ ਨਿਯਮਿਤ ਟੀਕਾਕਰਨ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਗਿਆ | ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਹਰ ਇਕ ਬੱਚੇ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਾਥਮਿਕਤਾ ਹੈ ਤੇ ਇਸ ਮਿਸ਼ਨ ਦੀ ਕਾਮਯਾਬੀ ਵਿਚ ਆਸ਼ਾ ਵਰਕਰਾਂ ਦੀ ਭੂਮਿਕਾ ਅਹਿਮ ਹੈ | ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਨੇ ਉੱਚ-ਖ਼ਤਰੇ ਵਾਲੀਆਂ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ, ਨਿਯਮਿਤ ਜਾਂਚ ਸੰਬੰਧੀ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ |