ਸ਼ਾਹਕੋਟ, 28 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰ ਵਲੋਂ ਹਲਕਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਸ਼ਾਹਕੋਟ ਹਲਕੇ ਦੀ ਜ਼ਿੰਮੇਵਾਰੀ ਨਿਭਾਉਣ ਲਈ ਬਲਾਕ ਸੰਮਤੀ ਮੈਂਬਰ ਜਗਜੋਤ ਸਿੰਘ ਆਹਲੂਵਾਲੀਆ ਨੂੰ 'ਹਲਕਾ ਕੋਆਰਡੀਨੇਟਰ' ਨਿਯੁਕਤ ਕੀਤਾ ਗਿਆ ਹੈ | ਆਹਲੂਵਾਲੀਆ ਨੇ ਕੋਆਰਡੀਨੇਟਰ ਬਣਾਉਣ 'ਤੇ 'ਆਪ' ਹਲਕਾ ਇੰਚਾਰਜ ਪਿੰਦਰ ਪੰਡੋਰੀ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਤੇ ਸਮਾਜ ਨੂੰ ਬਰਬਾਦ ਕਰਦਾ ਹੈ | ਅਸੀਂ ਜਲਦ ਹੀ ਪਿੰਡਾਂ ਤੇ ਸ਼ਹਿਰਾਂ ਵਿਚ ਜਨਤਕ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਾਂਗੇ | ਆਹਲੂਵਾਲੀਆ ਨੇ ਕਿਹਾ ਕਿ ਇਹ ਕਮੇਟੀ ਕੇਵਲ ਕਾਗਜ਼ਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਨਸ਼ੇ ਦੇ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ | ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਜਨਤਕ ਸਹਿਯੋਗ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਜਾਂ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਵਰਗੀ ਅਲਾਮਤ ਨੂੰ ਖਤਮ ਨਹੀਂ ਕਰ ਸਕਦਾ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਬਿਨਾਂ ਕਿਸੇ ਡਰ ਤੋਂ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ |