ਜਲੰਧਰ, 29 ਅਪ੍ਰੈਲ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਮਹਾਨਗਰ ਦੇ 19 ਇਲਾਕਿਆਂ 'ਚ ਕਾਸੋ ਆਪ੍ਰੇਸ਼ਨ ਚਲਾਇਆ | ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. ਹੈਡਕੁਆਰਟਰ ਪਰਮਿੰਦਰ ਸਿੰਘ ਹੀਰ, ਏ. ਡੀ. ਸੀ. ਪੀ.-1 ਆਕਰਸ਼ੀ ਜੈਨ ਤੇ ਸੰਬੰਧਤ ਸਬ-ਡਵੀਜ਼ਨਾਂ ਦੇ ਏ. ਸੀ.ਪੀਜ਼ ਦੀ ਅਗਵਾਈ ਹੇਠ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਉੱਚ ਅਧਿਕਾਰੀਆਂ ਨੇ ਪੁਲਿਸ ਟੀਮਾਂ ਨਾਲ ਮਿਲ ਕੇ ਚੈਕਿੰਗ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ | ਤਲਾਸ਼ੀ ਤੇ ਚੈਕਿੰਗ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਈ ਵਾਹਨਾਂ ਦੀ ਜਾਂਚ ਵੀ ਕੀਤੀ ਗਈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਜੀਓਜ਼ ਦੀ ਨਿਗਰਾਨੀ ਹੇਠ ਚਲਾਈ ਗਈ | ਇਸ ਦੌਰਾਨ ਕਰੀਬ 220 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਮੁਹਿੰਮ 23 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ, ਜਿਨ੍ਹਾਂ ਕੋਲੋਂ 1 ਕਿੱਲੋ 582.7 ਗ੍ਰਾਮ ਹੈਰੋਇਨ, 500 ਗ੍ਰਾਮ ਗਾਂਜਾ, 120 ਪਾਬੰਦੀਸ਼ੁਦਾ ਗੋਲੀਆਂ ਅਤੇ 110 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਹਿਰਾਸਤ 'ਚ ਲਏ ਵਿਅਕਤੀਆਂ ਖ਼ਿਲਾਫ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ ਹਨ | ਸੀਪੀ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਸੀ, ਜੋ ਕਿ ਅੱਗੋਂ ਵੀ ਜਾਰੀ ਰਹੇਗੀ |