ਜਲੰਧਰ ਛਾਉਣੀ, 30 ਅਪ੍ਰੈਲ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੇ ਵੱਖ-ਵੱਖ ਖੇਤਰਾਂ 'ਚ ਗਰੀਬ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਵਾਲੇ ਅਤੇ ਨਾਜਾਇਜ਼ ਲਾਟਰੀ ਦਾ ਧੰਦਾ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ ਤੇ ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਲਾਟਰੀ ਦਾ ਧੰਦਾ ਕਰਦਾ ਹੋਇਆ ਪਾਇਆ ਗਿਆ ਤਾਂ ਪੁਲਿਸ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਈ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਜਲੰਧਰ ਛਾਉਣੀ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਛਾਉਣੀ ਹਲਕੇ ਦੇ ਕੁਝ ਖੇਤਰਾਂ 'ਚ ਕੁਝ ਮਾੜੇ ਅਨਸਰ ਨਾਜਾਇਜ਼ ਲਾਟਰੀ ਦਾ ਧੰਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਵਲੋਂ ਤੁਰੰਤ ਹੀ ਇਸ ਸੰਬੰਧੀ ਸਾਰੇ ਹੀ ਥਾਣਾ ਮੁਖੀਆਂ ਤੇ ਏ.ਸੀ.ਪੀ, ਪੱਧਰ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਤੇ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਤੋਂ ਵੀ ਮੰਗ ਕੀਤੀ ਗਈ ਹੈ ਕਿ ਉਕਤ ਮਾੜੇ ਅਨਸਰਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾਵੇ | ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਲਾਟਰੀ ਦੀ ਆੜ 'ਚ ਨਾਜਾਇਜ਼ ਧੰਦਾ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਗਰੀਬ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |