04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਹਾਸ਼ੀਏ 'ਤੇ ਧਕੇਲਣਾ ਮੰਦਭਾਗਾ <br/>

ਅਜੀਤ ਡੈਸਕ 02-05-2026
ਜਲੰਧਰ, 1 ਮਈ (ਐੱਮ. ਐੱਸ. ਲੋਹੀਆ)–ਪੰਜਾਬ 'ਚ ਸਥਿਤ ਆਰਮੀ ਪਬਲਿਕ ਸਕੂਲਾਂ 'ਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਚੇਤਨਾ ਮੰਚ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ | ਮੰਚ ਨੇ ਇਸ ਨੂੰ ਨਾ ਸਿਰਫ਼ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਕਰਾਰ ਦਿੱਤਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਕਰਿਕੁਲਮ ਫ੍ਰੇਮਵਰਕ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਦੱਸਿਆ ਹੈ | ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪਿ੍ੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਇਕ ਸਾਂਝੇ ਬਿਆਨ 'ਚ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਸ਼ਾ ਕਾਨੂੰਨ (ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜਿਜ਼ (ਅਮੈਂਡਮੈਂਟ) ਐਕਟ 2008) ਅਨੁਸਾਰ ਪੰਜਾਬ ਦੇ ਹਰ ਸਕੂਲ 'ਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ, ਪਰ ਆਰਮੀ ਵੈਲਫ਼ੇਅਰ ਐਜੂਕੇਸ਼ਨ ਸੁਸਾਇਟੀ (ਏ. ਡਬਲਯੂ. ਈ. ਐੱਸ.) ਵਲੋਂ ਜਾਰੀ ਕੀਤੇ ਸਰਕੂਲਰ 'ਚ ਪੰਜਾਬੀ ਨੂੰ ਇਕ ਅਤਿਰਿਕਤ (ਅਡੀਸ਼ਨਲ) ਭਾਸ਼ਾ ਵਜੋਂ ਰੱਖ ਕੇ ਸੰਸਕ੍ਰਿਤ ਨੂੰ ਲਾਜ਼ਮੀ ਤੌਰ 'ਤੇ ਪੜ੍ਹਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਮੰਚ ਦੇ ਆਗੂਆਂ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਨਵੀਂ ਸਿੱਖਿਆ ਨੀਤੀ ਅਨੁਸਾਰ ਪੰਜਾਬੀ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸੰਸਕ੍ਰਿਤ ਵਿਸ਼ਾ ਲਾਜ਼ਮੀ ਤੌਰ 'ਤੇ ਪੜ੍ਹਨ ਬਾਰੇ ਕਿਹਾ ਜਾ ਰਿਹਾ ਹੈ | ਇਹ ਯਤਨ ਬੱਚਿਆਂ ਦੇ ਸਿੱਖਣ ਦੇ ਅਧਿਕਾਰਾਂ, ਮਨੋਵਿਗਿਆਨਕ ਆਜ਼ਾਦੀ ਅਤੇ ਉਨ੍ਹਾਂ ਦੀ ਭਾਸ਼ਾਈ ਪਸੰਦ ਨਾਲ ਸਿੱਧਾ ਟਕਰਾਅ ਹੈ | ਉਨ੍ਹਾਂ ਕਿਹਾ ਕਿ ਐੱਨ.ਈ.ਪੀ.-2020 ਅਤੇ ਐੱਨ.ਸੀ.ਐੱਫ਼. ਦੋਵੇਂ ਹੀ ਬੱਚਿਆਂ ਲਈ ਫਲੈਕਸੀਬਲ ਕਰੀਕੁਲਮ, ਮਾਤ ਭਾਸ਼ਾ ਅਧਾਰਿਤ ਸਿੱਖਿਆ ਅਤੇ ''ਆਰ3'' ਦੇ ਸਿਧਾਂਤਾਂ ਨੂੰ ਉਤਸ਼ਾਹਿਤ ਕਰਦੇ ਹਨ, ਜਿਸ ਅਨੁਸਾਰ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਸਥਾਨਕ ਭਾਸ਼ਾਈ ਪਿਛੋਕੜ ਦੇ ਅਨੁਸਾਰ ਵਿਸ਼ਿਆਂ ਦੀ ਚੋਣ ਦੀ ਆਜ਼ਾਦੀ ਹੈ | ਮੰਚ ਨੇ ਕਿਹਾ ਕਿ ਸਰਕੂਲਰ ਅਨੁਸਾਰ ਪੰਜਾਬੀ ਭਾਸ਼ਾ ਨੂੰ ਚੌਥੇ ਵਿਕਲਪ ਵਜੋਂ ਰੱਖਿਆ ਗਿਆ ਹੈ ਅਤੇ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਵੀ ਨਹੀਂ ਕਰੇਗਾ | ਅਜਿਹੇ ਹਾਲਾਤਾਂ 'ਚ ਵਿਦਿਆਰਥੀਆਂ ਨੂੰ ਪੰਜਾਬੀ ਘਰ ਬੈਠ ਕੇ ਪੜ੍ਹਨ ਲਈ ਮਜਬੂਰ ਹੋਣਾ ਪਵੇਗਾ | ਇਹ ਨੀਤੀ ਸਪੱਸ਼ਟ ਤੌਰ 'ਤੇ ਵਿਦਿਆਰਥੀਆਂ ਦੀ ਭਾਸ਼ਾਈ ਵਿਕਲਪ ਸਿੱਖਿਆ ਨੀਤੀ ਨਾਲ ਵਿਤਕਰਾ ਕਰਦੀ ਹੈ | ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀ.ਬੀ.ਐਸ.ਈ. ਨੂੰ ਇਕ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਵੀ ਕੀਤੀ ਹੈ |

ਪਿਛਲੀ ਖ਼ਬਰ ਫਾਇਰ ਬਿ੍ਗੇਡ ਯੂਨੀਅਨ ਦੇ ਧਰਨੇ ਨੂੰ ਨਗਰ ਨਿਗਮ ਕਰਮਚਾਰੀ ਯੂਨੀਅਨ ਨੇ ਦਿੱਤਾ ਸਮਰਥਨ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਦੇ ਸਕੂਲਾਂ 'ਚ ਹੈੱਡ ਬੁਆਏ ਤੇ ਹੈੱਡ ਗਰਲ ਵਜੋਂ ਵਿਦਿਆਰਥੀਆਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।