ਜਲੰਧਰ, 3 ਜੂਨ (ਜਤਿੰਦਰ ਪੰਮੀ)- ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸੀ. ਆਈ. ਏ. ਸਟਾਫ ਦਿਹਾਤੀ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਅੱਡਾ ਬਿਧੀਪੁਰ ਵਿਖੇ ਰੇਲਵੇ ਫਾਟਕ ਨੇੜੇ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ | ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਨਰਿੰਦਰ ਚੰਚਲ ਉਰਫ ਬਾਬਾ ਵਾਸੀ ਪਿੰਡ ਆਲਮਪੁਰ ਬੱਕਾ ਥਾਣਾ ਕਰਤਾਰਪੁਰ ਦੱਸਿਆ | ਉਸ ਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਨਰਿੰਦਰ ਚੰਚਲ ਵਿਰੁੱਧ ਥਾਣਾ ਮਕਸੂਦਾਂ ਵਿਖੇ ਕੇਸ ਕਰ ਕੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ | ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦਾ ਆਦੀ ਹੈ ਤੇ ਨਸ਼ੇ ਦੀ ਲਤ ਪੂਰੀ ਕਰਨ ਲਈ ਹੈਰੋਇਨ ਵੇਚਣ ਦਾ ਕੰਮ ਕਰਦਾ ਸੀ | ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਰਿਮਾਂਡ ਹਾਸਲ ਕਰਨ ਲਈ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ |