ਫਿਲੌਰ, 13 ਜੂਨ (ਸਤਿੰਦਰ ਸ਼ਰਮਾ)-ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਨੇ ਚਾਰਜ ਸੰਭਾਲਣ ਉਪਰੰਤ ਆਪਣੀ ਪਲੇਠੀ ਮੀਟਿੰਗ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ, ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਚਲਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਲੌਰ ਇਲਾਕੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਉਹ ਤਨਦੇਹੀ ਨਾਲ ਕੰਮ ਕਰਨਗੇ | ਨਸ਼ਾ ਤਸਕਰਾਂ, ਸਮਾਜ ਵਿਰੋਧੀ ਆਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ | ਐੱਸ.ਐੱਚ.ਓ. ਨੇ ਕਿਹਾ ਕਿ ਪੁਲਿਸ ਜਨਤਾ ਦੀ ਸੁਰੱਖਿਆ ਅਤੇ ਸੇਵਾ ਲਈ ਹੈ, ਲੋਕਾਂ ਨੂੰ ਡਰਾਉਣ ਲਈ ਨਹੀਂ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਸੰਬੰਧੀ ਉਹ ਬਿਨਾਂ ਕਿਸੇ ਝਿਜਕ ਦੇ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੇ ਦਰਵਾਜ਼ੇ ਹਰ ਸਮੇਂ ਲੋਕਾਂ ਲਈ ਖੁੱਲ੍ਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਸਮਾਜ ਵਿਚ ਸ਼ਾਂਤੀ, ਭਾਈਚਾਰਾ ਅਤੇ ਸੁਰੱਖਿਅਤ ਮਾਹੌਲ ਕਾਇਮ ਰੱਖਿਆ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਪੁਲਿਸ ਨੂੰ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ |