09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਜ਼ਮੀਨੀ ਪੱਧਰ ’ਤੇ ਮਸਲਿਆਂ ਦਾ ਹੱਲ ਯਕੀਨੀ ਬਣਾਇਆ ਜਾ ਰਿਹੈ-ਮੋਹਿਦਰ ਭਗਤ

ਅਜੀਤ ਡੈਸਕ 22-06-2026

ਕੈਬਨਿਟ ਮੰਤਰੀ ਨੇ ਲੋਕ ਮਿਲਣੀ ਦੌਰਾਨ ਕਟਹਿਰਾ ਮੁਹੱਲਾ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਜਲੰਧਰ, 21 ਜੂਨ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਸ਼ਾਮ ਵਾਰਡ ਨੰ. 60 ਦੇ ਕਟਹਿਰਾ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀਆਂ ਲੋਕ ਮਿਲਣੀਆਂ ਪਹਿਲਕਦਮੀਆਂ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਜ਼ਮੀਨੀ ਪੱਧਰ ’ਤੇ ਮਸਲਿਆਂ ਦਾ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚਾ, ਸਮਾਜਿਕ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਜਿਥੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਉਥੇ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜਿਸ ਸਦਕਾ ਲੋਕਾਂ ਦੀ ਇਲਾਜ ਨੂੰ ਲੈ ਕੇ ਚਿੰਤਾ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੰਤਰੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

ਪਿਛਲੀ ਖ਼ਬਰ ਵਿਜੀਲੈਂਸ ਵਿਭਾਗ ਨੇ ਥਾਣਾ ਫਿਲੌਰ ’ਚ ਤਾਇਨਾਤ ਐੱਸ.ਆਈ. ਅਮਨਦੀਪ ਕੌਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਰੰਗੇ... ਅਗਲੀ ਖ਼ਬਰ ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।