24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਿਹਤ ਕੇਂਦਰ ਬੜਾ ਪਿੰਡ ’ਚ ਜੱਚਾ ਬੱਚਾ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 24-06-2026
ਗੁਰਾਇਆ, 23 ਜੂਨ (ਚਰਨਜੀਤ ਸਿੰਘ ਦੁਸਾਂਝ) -ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਬੜਾ ਪਿੰਡ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ’ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਮੈਡੀਕਲ ਅਫਸਰ ਡਾ. ਮਮਤਾ ਗੌਤਮ ਵੱਲੋਂ ਗਰਭਵਤੀ ਮਹਿਲਾਵਾਂ ਦੀ ਵਿਸਥਾਰਪੂਰਵਕ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਨੇ ਗਰਭ ਅਵਸਥਾ ਦੌਰਾਨ ਸਹੀ ਖੁਰਾਕ, ਨਿਯਮਿਤ ਜਾਂਚਾਂ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦੇ ਸੇਵਨ, ਟੀਕਾਕਰਨ ਅਤੇ ਸੰਸਥਾਗਤ ਜਣੇਪੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਸਮੇਂ-ਸਮੇਂ ਤੇ ਸਿਹਤ ਜਾਂਚ ਕਰਵਾਉਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜਟਿਲਤਾ ਦਾ ਸਮੇਂ ਸਿਰ ਪਤਾ ਲਗਾ ਕੇ ਉਸਦਾ ਇਲਾਜ ਕੀਤਾ ਜਾ ਸਕਦਾ ਹੈ। ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਦਾ ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਵਜ਼ਨ ਅਤੇ ਹੋਰ ਲੋੜੀਂਦੇ ਟੈਸਟ ਕੀਤੇ ਗਏ। ਉੱਚ ਜੋਖਮ ਵਾਲੀਆਂ ਗਰਭਵਤੀ ਮਹਿਲਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ। ਸਿਹਤ ਕਰਮਚਾਰੀਆਂ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਜਨਮ ਤੋਂ ਪਹਿਲਾਂ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ ਅਤੇ ਆਸ਼ਾ ਫੈਸਿਲੀਟੇਟਰ ਵਰਿੰਦਰ ਵੀ ਹਾਜ਼ਰ ਸਨ। ਉਨ੍ਹਾਂ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਯਮਿਤ ਤੌਰ ਤੇ ਸਿਹਤ ਜਾਂਚਾਂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗੁਣਵੱਤਾ ਭਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਮਾਤਾ ਅਤੇ ਬਾਲ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ ਅਤੇ ਸੁਰੱਖਿਅਤ ਮਾਤ੍ਰਿਤਵ ਨੂੰ ਯਕੀਨੀ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਸ਼ਹਿਰ ’ਚ ਨਗਰ ਕੌਂਸਲ ਨਕੋਦਰ ਦਾ ਪ੍ਰਧਾਨ ਕੌਣ ਹੋਵੇਗਾ? ਚਰਚਾ ਜ਼ੋਰਾਂ ’ਤੇ... ਅਗਲੀ ਖ਼ਬਰ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦੀ ਚੋਣ ਹੋਈ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।