ਦੁਸਾਂਝ ਕਲਾਂ, 23 ਜੂਨ (ਰਾਮ ਪ੍ਰਕਾਸ਼ ਟੋਨੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਜਲੰਧਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਦੁਸਾਂਝ ਕਲਾਂ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਇੱਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਸ੍ਰੀ ਮਤੀ ਰਚਨਾ ਗਰਗ ਨੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਨਿਯਮਿਤ ਜਾਂਚ ਕਰਵਾਉਣ, ਮਿੱਟੀ ਸਿਹਤ ਕਾਰਡ ਦੀ ਵਰਤੋਂ ਕਰਨ ਅਤੇ ਪਰਖ ਰਿਪੋਰਟ ਅਨੁਸਾਰ ਖਾਦਾਂ ਦੀ ਸਿਫ਼ਾਰਸ਼ੀ ਮਾਤਰਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਸਹੀ ਸੰਭਾਲ ਨਾਲ ਖੇਤੀ ਲਾਗਤ ਘਟਾਈ ਜਾ ਸਕਦੀ ਹੈ ਅਤੇ ਫ਼ਸਲਾਂ ਦੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਸ ਮੌਕੇ ਰਮਨਦੀਪ ਸ਼ਰਮਾ ਨੇ ਖੇਤੀਬਾੜੀ ਵਿੱਚ ਸੂਚਨਾ ਅਤੇ ਸੰਚਾਰ ਤਕਨਾਲੋਜੀ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮੋਬਾਈਲ ਐਪਲੀਕੇਸ਼ਨਾਂ, ਡਿਜੀਟਲ ਪਲੇਟਫਾਰਮਾਂ, ਮੌਸਮ ਅਧਾਰਿਤ ਸਲਾਹਾਂ, ਆਨਲਾਈਨ ਖੇਤੀਬਾੜੀ ਸੇਵਾਵਾਂ ਅਤੇ ਸੋਸ਼ਲ ਮੀਡੀਆ ਰਾਹੀਂ ਖੇਤੀ ਸੰਬੰਧੀ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਕਿਸਾਨ ਸਮੇਂ ਸਿਰ ਸਹੀ ਫੈਸਲੇ ਲੈ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਬੁਲਾਰਿਆਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਾਤਾਵਰਣ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਉੱਤੇ ਜ਼ੋਰ ਦਿੱਤਾ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮਾਹਿਰਾਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦੱਸਿਆ ਗਿਆ।