26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਫ਼ਿਲਮ ‘ਸਤਲੁਜ’ ਤੋਂ ਪਾਬੰਦੀ ਹਟਾ ਕੇ ਸਰਕਾਰ ਨਿਆਂ ਕਰੇ - ਜਥੇਦਾਰ ਖ਼ਾਲਸਾ ਕਿਹਾ -ਦੁਨੀਆ ਦਾ ਕੋਈ ਸੱਚ ਛੁਪਿਆ ਨਹੀਂ ਰਹਿ ਸਕਦਾ

ਅਜੀਤ ਡੈਸਕ 09-07-2026
ਜਲੰਧਰ, 8 ਜੁਲਾਈ (ਐੱਮ. ਐੱਸ. ਲੋਹੀਆ) - ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਅਦਾਕਾਰ ਦਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਅਚਾਨਕ ਹਟਾਏ ਜਾਣ ਅਤੇ ਇਸ ‘ਤੇ ਲਗਾਈ ਗਈ ਪਾਬੰਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਅਤੇ ਸੰਗਤ ’ਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਸਿੱਖ ਆਗੂਆਂ ਨੇ ਇਸ ਕਾਰਵਾਈ ਨੂੰ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਉਲਟ ਦਸਿਆ ਹੈ। ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਨੇ ਫ਼ਿਲਮ ‘ਸਤਲੁਜ’ ’ਤੇ ਸਿਨੇਮਾਘਰਾਂ ਤੋਂ ਬਾਅਦ ਓ.ਟੀ.ਟੀ. ਪਲੇਟਫਾਰਮ ’ਤੇ ਵੀ ਲਗਾਈ ਗਈ ਪਾਬੰਦੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਫ਼ਿਲਮ ਤੋਂ ਪਾਬੰਦੀ ਤੁਰੰਤ ਹਟਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸੰਤਾਪ ਦੌਰਾਨ ਲਾਵਾਰਿਸ ਲਾਸ਼ਾਂ ਦੇ ਇਤਿਹਾਸ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਤਲ ਦੀ ਸੱਚਾਈ ਨੂੰ ਸਰਕਾਰਾਂ ਨੇ ਹਮੇਸ਼ਾਂ ਛੁਪਾ ਕੇ ਰੱਖਿਆ। ਫ਼ਿਲਮ ‘ਸਤਲੁਜ’ ਨੇ ਉਸ ਦੁਖਾਂਤਕ ਦੌਰ, ਪੰਜਾਬ ਨਾਲ ਹੋਏ ਵਿਤਕਰੇ ਅਤੇ ਭ੍ਰਿਸ਼ਟ ਪੁਲਿਸ ਅਫ਼ਸਰਾਂ ਦੀਆਂ ਦਹਿਸ਼ਤੀ ਕਾਰਵਾਈਆਂ ਨੂੰ ਹੂ-ਬਹੂ ਪਰਦੇ ’ਤੇ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪੂਰੀ ਤਰ੍ਹਾਂ ਕਾਨੂੰਨੀ ਅਤੇ ਇਤਿਹਾਸਕ ਦਸਤਾਵੇਜ਼ਾਂ ’ਤੇ ਆਧਾਰਿਤ ਹੈ ਅਤੇ ਭਾਰਤੀ ਸੰਵਿਧਾਨ ਦੇ ਦਾਇਰੇ ’ਚ ਰਹਿ ਕੇ ਬਣਾਈ ਗਈ ਹੈ। ਇਹ ਕਿਸੇ ਹਿੰਸਾ ਦਾ ਪ੍ਰਚਾਰ ਨਹੀਂ ਕਰਦੀ, ਬਲਕਿ ਕਰੋੜਾਂ ਪੰਜਾਬੀਆਂ ਦੇ ਦਿਲਾਂ ਦੀ ਆਵਾਜ਼ ਹੈ। ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਨੇ ਦੇਸ਼-ਵਿਦੇਸ਼ ਦੀ ਸੰਗਤ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਫ਼ਿਲਮ ਨੂੰ ਜ਼ਰੂਰ ਦੇਖਣ ਤੇ ਆਪਣੀ ਮਿੱਟੀ ਨਾਲ ਜੁੜਨ ।
ਪਿਛਲੀ ਖ਼ਬਰ ਆਈ.ਵੀ. ਵਰਲਡ ਸਕੂਲ ਦੇ ਵਿਦਿਆਰਥੀਆਂ ਲਈ 12-ਦਿਨਾਂ ਨੈਸ਼ਨਲ ਯੂਨੀਵਰਸਿਟੀ ਆਫ਼ ਸਿੰਗਾਪੁਰ ਸਮਰ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ ਵਕੀਲਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ, ਨਿਆਂਇਕ ਕੰਮ ਪੂਰੀ ਤਰ੍ਹਾਂ ਰਿਹਾ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।