04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਰਕਾਰ ਦੇ ਉਪਰਾਲਿਆਂ ਸਦਕਾ ਹਰ ਖੇਤਰ ’ਚ ਮੱਲਾਂ ਮਾਰ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ : ਮੋਹਿੰਦਰ ਭਗਤ

ਅਜੀਤ ਡੈਸਕ 29-07-2026
ਜਲੰਧਰ, 28 ਜੁਲਾਈ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀ ਬਿਹਤਰੀ ਲਈ ਅਨੇਕਾ ਇਤਿਹਾਸਕ ਕਦਮ ਚੁੱਕੇ ਹਨ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਇਸ ਮੌਕੇ ਮੈਰੀਟੋਰੀਅਸ ਸਕੂਲ ਦੇ 21 ਵਿਦਿਆਰਥੀਆਂ, ਜਿਨ੍ਹਾਂ ਵੱਲੋਂ ਨੀਟ ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਮੁਬਾਰਕਬਾਦ ਵੀ ਦਿੱਤੀ। ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਢੁੱਕਵਾਂ ਮਾਹੌਲ ਮਿਲ ਸਕੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਲੋੜਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੇ ਦੀ ਪ੍ਰਤਿਭਾ ਨੂੰ ਨਿਖਾਰਣ, ਉਸ ਨੂੰ ਬਿਹਤਰ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਰੌਸ਼ਨ ਭਵਿੱਖ ਲਈ ਸਮਾਨ ਮੌਕੇ ਪ੍ਰਦਾਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਉਸ ਉਪਰਾਲੇ ਨਾਲ ਵਿਦਿਆਰਥੀਆਂ ਦਾ ਪੜ੍ਹਾਈ ਵੱਲ ਰੁਝਾਨ ਹੋਰ ਵਧਾਉਣ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ ਦਾ ਕੋਈ ਹੋਰ ਬਦਲ ਨਹੀਂ ਹੈ। ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਸਕੂਲ ਦੇ 810 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਰਾਜੀਵ ਹਾਂਡਾ, ਐਜੂਕੇਸ਼ਨ ਇੰਚਾਰਜ ਜਲੰਧਰ ਪੱਛਮੀ ਸੰਜੀਵ ਭਗਤ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਗੋਲਡੀ ਖਾਲਸਾ ਨਵੀਂ ਸਬਜ਼ੀ ਤੇ ਫਲ ਮੰਡੀ ਮਕਸੂਦਾਂ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ ਮੰਡੀ ਦੀਆਂ ਵੱਖ-ਵੱ... ਅਗਲੀ ਖ਼ਬਰ ਨਿਪਾਲੀ ਮੁੰਡੇ ਤੇ ਕਾਜ਼ੀ ਮੰਡੀ ਵਾਸੀ ਕੁੜੀ ਨੇ ਬਣਾਈ ‘ਬੰਟੀ-ਬਬਲੀ ਦੀ ਜੋੜੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।