ਸ਼ਾਹਕੋਟ, 28 ਜੁਲਾਈ (ਦਲਜੀਤ ਸਿੰਘ ਸਚਦੇਵਾ)- ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ’ਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵਲੋਂ ਪਿੰਡ ਬਾਜਵਾ ਖੁਰਦ ਤੇ ਚੱਕ ਬਾਹਮਣੀਆਂ (ਸ਼ਾਹਕੋਟ) ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਲੋਕ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਹਲਕਾ ਇੰਚਾਰਜ ਪਿੰਦਰ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਖੜ੍ਹੇ ਹਨ ਅਤੇ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਣਗੇ। ਲੋਕਾਂ ਨੇ ਪੰਡੋਰੀ ਨਾਲ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਦੀ ਨਿਕਾਸੀ, ਵਿਕਾਸ ਕਾਰਜਾਂ ਬਾਰੇ ਤੇ ਆਪਣੇ ਨਿੱਜੀ ਮਸਲੇ ਸਾਂਝੇ ਕੀਤੇ। ਹਲਕਾ ਇੰਚਾਰਜ ਪਿੰਦਰ ਪੰਡੋਰੀ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਫੋਨ ਕਰਕੇ ਲੋਕਾਂ ਦੇ ਕੰਮ ਲੰਮਾ ਸਮਾਂ ਲਟਕਾਉਣ ਦੀ ਬਜਾਏ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।