ਜਲੰਧਰ, 31 ਜੁਲਾਈ (ਜਤਿੰਦਰ ਪੰਮੀ)–ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਤੇ ਹੱਕਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ। ਇਸੇ ਲਈ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਤਰਜੀਹ ਦਿੰਦੇ ਹੋਏ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਇਥੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ, ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਤੇ ਹੋਰ ਆਗੂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਸਨਮਾਨ ਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਫ਼ਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਮ ਲੋਕਾਂ ਦੀ ਚੁਣੀ ਹੋਈ ਸਰਕਾਰ ਕਿਰਤੀਆਂ, ਕਾਮਿਆਂ, ਮੁਲਾਜ਼ਮਾਂ ਸਮੇਤ ਹਰ ਵਰਗ ਦੀ ਹਮਦਰਦ ਸਰਕਾਰ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਲੋਕ ਭਲਾਈ ਕੰਮਾਂ ਬਾਰੇ ਵੀ ਚਾਨਣਾ ਪਾਇਆ। ਬਰਨਾਲਾ ’ਚ ਸਫਾਈ ਸੇਵਕਾਂ ਦਾ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੇ ਜਾਣ ਦੇ ਪੀੜਤਾਂ ਵਲੋਂ ਲਾਏ ਜਾ ਰਹੇ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਡੀ. ਐੱਸ. ਪੀ. ਨੂੰ ਤੁਰੰਤ ਮੁਅੱਤਲ ਕਰ ਦਿੱਤਾ ਸੀ ਅਤੇ ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਹਿੱਤਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਤਰਨਦੀਪ ਸੰਨੀ ਤੇ ਸੰਜੀਵ ਭਗਤ ਵੀ ਮੌਜੂਦ ਸਨ।