ਖਾਣ-ਪੀਣ ਵਾਲੇ ਅਦਾਰਿਆਂ ਨੂੰ ਹਥਿਆਰ-ਮੁਕਤ ਜ਼ੋਨ ਬਣਾਉਣ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੀਟਿੰਗ
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)–ਸ਼ਹਿਰ ਵਿਚ ਜਨਤਕ ਸੁਰੱਖਿਆ ਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਗੋਲੀਬਾਰੀ ਵਰਗੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਕਮਿਸ਼ਨਰੇਟ ਪੁਲਿਸ ਵਲੋਂ ਰੈਸਟੋਰੈਂਟਾਂ, ਹੋਟਲਾਂ, ਬਾਰਾਂ, ਕੈਫੇ ਅਤੇ ਹੋਰ ਖਾਣ-ਪੀਣ ਵਾਲੇ ਅਦਾਰਿਆਂ ਦੇ ਮਾਲਕਾਂ ਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੀ.
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)–ਸ਼ਹਿਰ ਵਿਚ ਜਨਤਕ ਸੁਰੱਖਿਆ ਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਗੋਲੀਬਾਰੀ ਵਰਗੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਕਮਿਸ਼ਨਰੇਟ ਪੁਲਿਸ ਵਲੋਂ ਰੈਸਟੋਰੈਂਟਾਂ, ਹੋਟਲਾਂ, ਬਾਰਾਂ, ਕੈਫੇ ਅਤੇ ਹੋਰ ਖਾਣ-ਪੀਣ ਵਾਲੇ ਅਦਾਰਿਆਂ ਦੇ ਮਾਲਕਾਂ ਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੀ.ਸੀ.ਪੀ. ਲਾਅ ਐਂਡ ਆਰਡਰ ਜਸਰੂਪ ਕੌਰ ਬਾਠ ਵਲੋਂ ਅਦਾਰਿਆਂ ਨੂੰ ‘ਹਥਿਆਰ-ਮੁਕਤ ਜ਼ੋਨ’ ਬਣਾਉਣ ਸਬੰਧੀ ਜਾਰੀ ਹੁਕਮਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ.ਪੀ. ਸਿਟੀ-2 ਮਾਧਵੀ ਸ਼ਰਮਾ ਅਤੇ ਏ.ਸੀ.ਪੀ. ਮਾਡਲ ਟਾਊਨ ਮਨਮੋਹਨ ਸਿੰਘ ਵੀ ਮੌਜੂਦ ਸਨ। ਪੁਲਿਸ ਅਧਿਕਾਰੀਆਂ ਨੇ ਅਦਾਰਿਆਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਦੱਸਿਆ ਕਿ ਬੀ. ਐੱਨ. ਐੱਸ. ਐੱਸ. ਦੀ ਧਾਰਾ 163 ਤਹਿਤ ਪੁਲਿਸ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਰੈਸਟੋਰੈਂਟਾਂ ਅਤੇ ਬਾਰਾਂ ਨੂੰ ‘ਹਥਿਆਰ-ਮੁਕਤ ਜ਼ੋਨ’ ਵਜੋਂ ਰਜਿਸਟਰ ਕਰਵਾਉਣ ਲਈ ਸਧਾਰਨ ਪ੍ਰਕਿਰਿਆ ਤਹਿਤ ਕੇਵਲ ਛੋਟਾ ਜਿਹਾ ਫਾਰਮ ਭਰਨਾ ਲਾਜ਼ਮੀ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ-ਇਕ ਕਰਕੇ ਗੱਲਬਾਤ ਕਰਦਿਆਂ ਇਸ ਪਹਿਲਕਦਮੀ ਦੀ ਮਹੱਤਤਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਜੇਕਰ ਕੋਈ ਵਿਅਕਤੀ ਕਿਸੇ ਅਦਾਰੇ ਵਿਚ ਆ ਕੇ ਹਥਿਆਰ-ਮੁਕਤ ਜ਼ੋਨ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਅਜਿਹੀ ਸਥਿਤੀ ਵਿਚ ਪੁਲਿਸ ਵੱਲੋਂ ਪੂਰਾ ਸਹਿਯੋਗ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।