ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਦੇ ਜ਼ਿਲ੍ਹੇ ਵਿਚਲੇ ਸਮੂਹ ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਭਰ ਦੇ ਸਰਕਾਰੀ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀ ਕੀਤੀ। ਮੁਲਾਜ਼ਮਾਂ ਦੇ ਦਫ਼ਤਰਾਂ ’ਚ ਹਾਜ਼ਰ ਨਾ ਹੋਣ ਕਾਰਨ ਸਰਕਾਰੀ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਬਾਰੇ ਕਈ ਲੋਕਾਂ ਨੂੰ ਜਾਣਕਾਰੀ ਨਾ ਹੋਣ ਕਾਰਨ ਉਹ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਦੇ ਦੇਖੇ ਗਏ। ਲੋਕ ਦਫਤਰਾਂ ’ਚ ਜਾ-ਜਾ ਕੇ ਮੁਲਾਜ਼ਮਾਂ ਨੂੰ ਲੱਭਦੇ ਰਹੇ ਪਰ ਹੜਤਾਲ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ ਪਰਤਣਾ ਪਿਆ। ਹਾਲਾਂਕਿ ਸਬ-ਰਜਿਸਟਰਾਰ ਦਫ਼ਤਰਾਂ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੇ ਹੋਰ ਕੰਮਕਾਜ ਹੁੰਦਾ ਰਿਹਾ। ਮੁਲਾਜ਼ਮਾਂ ਵਲੋਂ 22 ਅਕਤੂਬਰ ਨੂੰ ਵੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵਲੋਂ ਪੁੱਡਾ ਗਰਾਊਂਡ ’ਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਤੱਕ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਤੇਜਿੰਦਰ ਸਿੰਘ ਨੰਗਲ, ਨਵਪ੍ਰੀਤ ਬੱਲੀ, ਸੁਰਿੰਦਰ ਕੁਮਾਰ ਪੁਆਰੀ, ਕਰਨੈਲ ਫਿਲੌਰ, ਕੁਲਵਿੰਦਰ ਸਿੰਘ ਜੋਸਨ, ਸੁਭਾਸ਼ ਮੱਟੂ, ਸ.ਪਿਆਰਾ ਸਿੰਘ, ਅਵਤਾਰ ਲਾਲ, ਅਜਮੇਰ ਸਿੰਘ ਨੇ ਭਗਵੰਤ ਮਾਨ ਦੀ ਅਗਵਾਈ ਵਿੱਚ ਕੰਮ ਕਰ ਰਹੀ ਪੰਜਾਬ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ। ਪੁਰਾਣੀ ਪੈਨਸ਼ਨ ਸਕੀਮ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ। ਡੀ.ਏ. ਦੇ ਸੰਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਦਿੱਤੇ ਗਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਪੇ ਕਮਿਸ਼ਨ ਵੱਲੋਂ ਸਿਫਾਰਸ਼ ਕੀਤਾ ਪੈਨਸ਼ਨਰਾਂ ਦਾ 2.59 ਦੇ ਗੁਣਾਂਕ ਨਾਲ ਪੈਨਸ਼ਨ ਫਿਕਸ ਕਰਨ ਦੀ ਮੰਗ ਕੀਤੀ ਗਈ। ਸਮੂਹ ਕੱਚੇ, ਆਊਟਸੋਰਸ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਕੀਤੀ ਗਈ। ਕੇਂਦਰੀ ਪੈਟਰਨ ਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਗਈ। ਪੇ-ਕਮਿਸ਼ਨ ਦੀਆਂ ਖਾਮੀਆਂ ਦੂਰ ਕਰਕੇ ਤਨਖਾਹਾਂ ਵਿੱਚ ਸੋਧ ਕੀਤੀ ਜਾਵੇ। ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਪਾਰਦਰਸ਼ੀ ਨੀਤੀ ਲਾਗੂ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਅਣਗਹਿਲੀ ਵਰਤ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਜੇਕਰ ਇਸ ਰੈਲੀ ਤੋਂ ਬਾਅਦ ਵੀ ਸਰਕਾਰ ਨੇ ਗੱਲਬਾਤ ਦਾ ਰਾਹ ਨਾ ਅਪਣਾਇਆ ਤਾਂ ਸਾਂਝੀ ਤਾਲਮੇਲ ਕਮੇਟੀ ਵੱਲੋਂ 22 ਅਕਤੂਬਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੈਲੀ ਨੂੰ ਕੰਵਲਜੀਤ ਸੰਗੋਵਾਲ, ਮਾਸਟਰ ਮਨੋਹਰ ਲਾਲ, ਜਸਬੀਰ ਸਿੰਘ ਸੰਧੂ, ਪੁਸ਼ਪਿੰਦਰ ਵਿਰਦੀ, ਰਿਸ਼ੀ ਕੁਮਾਰ, ਚਰਨ ਸਿੰਘ ਬਾਠ, ਅਮਰਪ੍ਰੀਤ ਸਿੰਘ ਝੀਤਾ, ਮਾਸਟਰ ਕਮਲਜੀਤ ਮਲਹੋਤਰਾ, ਅਵਤਾਰ ਸਿੰਘ ਬਿਜਲੀ ਮੁਲਾਜ਼ਮ ਆਗੂ, ਸੁਰਜੀਤ ਕੌਰ, ਸ਼ਿੰਦਰ ਸਿੰਘ, ਚਰਨ ਸਿੰਘ ਬਾਠ,ਡਾ.ਤੇਜ਼ ਪ੍ਰਕਾਸ਼ ਸਿੰਘ, ਥੋੜੂ ਰਾਮ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਜੋਰਾਵਰ ਸਿੰਘ, ਵਿਨੋਦ ਸਾਗਰ, ਪਵਨ ਕੁਮਾਰ, ਹਰਮਨਜੀਤ ਸਿੰਘ ਵੀ ਹਾਜ਼ਰ ਸਨ।