ਪ੍ਰਕਾਸ਼ ਪੁਰਬ ਸੰਬੰਧੀ ਜਲੰਧਰ ਛਾਉਣੀ ’ਚ ਅਲੌਕਿਕ ਨਗਰ ਕੀਰਤਨ ਸਜਾਇਆ
ਜਲੰਧਰ, 22 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਜਲੰਧਰ ਛਾਉਣੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਜਲੰਧਰ, 22 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਜਲੰਧਰ ਛਾਉਣੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਪੂਰਾ ਇਲਾਕਾ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜਦਾ ਰਿਹਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਦੀਪਕ ਬਾਲੀ, ਭਾਜਪਾ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿੱਚ ਸ਼ਰਧਾ ਨਾਲ ਸ਼ਿਰਕਤ ਕੀਤੀ। ਇਸ ਮੌਕੇ ਸ. ਮੱਕੜ ਦੇ ਨਾਲ ਸਾਬਕਾ ਮੰਡਲ ਪ੍ਰਧਾਨ ਸ਼ਿਵ ਦਰਸ਼ਨ ਅਭੀ, ਕੌਂਸਲਰ ਵਿੱਕੀ ਗੁਜਰਾਲ, ਪੁਨੀਤ ਸ਼ੁਕਲਾ, ਕੁਮਾਰ ਸੰਜੀਵ ਅਤੇ ਹੋਰ ਸਾਥੀ ਵੀ ਮੌਜੂਦ ਸਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਸ੍ਰੀ ਦੀਪਕ ਬਾਲੀ ਨੇ ਵੀ ਨਗਰ ਕੀਰਤਨ ਵਿੱਚ ਸ਼ਿਰਕਤ ਕਰਕੇ ਪਾਲਕੀ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦੀਪਕ ਬਾਲੀ ਤੇ ਸਰਬਜੀਤ ਸਿੰਘ ਮੱਕੜ ਸਮੇਤ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ । ਇਸ ਮੌਕੇ ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ ਦੇ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।