ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਪੰਜਾਬ ਨੂੰ ਤਰੱਕੀ ਵੱਲ ਲੈ ਜਾਵੇਗੀ- ਸਰਪੰਚ
ਲੋਹੀਆਂ ਖਾਸ, 24 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-‘ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੀਤੇ ਗਏ ਗਠਜੋੜ ਨੂੰ ਲੈ ਕੇ ਦੋਹਾਂ ਪਾਰਟੀਆਂ ਦੇ ਨੁਮਾਇੰਦਿਆਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ| ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਲਾਕ ਸੰਮਤੀ ਲੋਹੀਆਂ ਦੇ ਚੇਅਰਮੈਨ ਰਹੇ ਸੁਰਜੀਤ ਸਿੰਘ ਸਰਪੰਚ ਨਿਹਾਲੂਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਲੋਹੀਆਂ ਦੇ ਸਾਬਕਾ ਯੂਥ ਪ੍ਰਧਾਨ ਰਹੇ ਜਸਵਿੰਦਰ ਸਿੰਘ ਲੋਹੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ‘ਅਕਾਲੀ-ਭਾਜਪਾ ਗੱਠਜੋੜ’ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਵੇਗਾ| ਉਨ੍ਹਾਂ ਕਿਹਾ ਕਿ ‘ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂ’ ਪੰਜਾਬ ਦੀਆਂ ਮੁੱਖ ਲੋੜਾਂ ਤੇ ਸਿੱਖਾਂ ਦੀਆਂ ਮੰਗਾਂ ਨੂੰ ਧਿਆਨ ’ਚ ਰੱਖਦਿਆਂ ਫੈਸਲੇ ਲੈਣ ਤੇ ਉਨ੍ਹਾਂ ਨੂੰ ਲਾਗੂ ਕਰਨ ਤਾਂ ਪੰਜਾਬ ’ਚ ‘ਗੱਠਜੋੜ’ ਦੀ ਸਰਕਾਰ ਨੂੰ ਕੋਈ ਨਹੀਂ ਰੋਕ ਸਕਦਾ|