ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਂਦਰ ਸਰਕਾਰ ਵਲੋਂ ਉਦਯੋਗਿਕ ਕੋਡ ਸੋਧ ਬਿੱਲ ਪਾਸ ਕਰਕੇ ਪਾਰਲੀਮੈਂਟ ਵਿਚ ਮਨਜ਼ੂਰੀ ਦੇਣ ਦੇ ਵਿਰੋਧ ਵਿਚ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਟਿਆਲਾ ਵਿਖੇ ਬਡੂੰਗਰ ਦੀ 50 ਏਕੜ ਜ਼ਮੀਨ ਵੇਚਣ ਦੇ ਫ਼ੈਸਲੇ ਨੂੰ ਬੀ.ਓ.ਡੀ. ਦੀ ਮੀਟਿੰਗ ਵਿਚ ਪ੍ਰਵਾਨਗੀ ਦੇਣ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਰੈਲੀ ਕਰਕੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ ਗਈ | ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸਰਕਲ ਪ੍ਰਧਾਨ ਕੇਸਰ ਸਿੰਘ, ਸਕੱਤਰ ਮਨਜਿੰਦਰ ਸਿੰਘ, ਸਰਕਲ ਵਿੱਤ ਸਕੱਤਰ ਸੁਖਰਾਜ ਸਿੰਘ, ਡਵੀਜ਼ਨ ਪ੍ਰਧਾਨ ਬਲਰਾਜ ਸਿੰਘ, ਸਕੱਤਰ ਮੇਜਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਪੀ.ਐੱਸ.ਪੀ.ਸੀ.ਐੱਲ. ਤੇ ਪੀ.ਐੱਸ.ਟੀ.ਸੀ.ਐੱਲ. ਕੰਟਰਕਚੂਅਲ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਜੁਆਇੰਟ ਸਕੱਤਰ, ਗੁਰਵਿੰਦਰ ਸਿੰਘ ਮੀਤ ਪ੍ਰਧਾਨ, ਰਾਹੁਲ ਕੁਮਾਰ ਵਿੱਤ ਸਕੱਤਰ ਨੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਤੋਂ ਬਣੇ ਲੋਕ ਪੱਖੀ ਕਾਨੂੰਨਾਂ ਨੂੰ ਵੱਡੀ ਪੱਧਰ 'ਤੇ ਤਬਦੀਲ ਅਤੇ ਬਹੁਤ ਸਾਰੇ ਕਾਨੂੰਨਾਂ ਨੂੰ ਮੁੱਢੋਂ ਹੀ ਖ਼ਤਮ ਕੀਤਾ ਜਾ ਰਿਹਾ ਹੈ | ਕੇਂਦਰ ਸਰਕਾਰ ਵਲੋਂ ਵੱਡੀ ਪੱਧਰ 'ਤੇ ਕਾਰਪੋਰੇਟ ਪੱਖੀ ਨਵੇਂ-ਨਵੇਂ ਕਾਨੂੰਨ ਲਿਆ ਕੇ ਕਿਰਤੀ ਲੋਕਾਂ ਦੀ ਰੱਤ ਨਿਚੋੜ ਲੁੱਟ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ | ਖੇਤੀ 'ਤੇ ਕਾਰਪੋਰੇਟੀ ਕਬਜ਼ਾ ਕਰਵਾਉਣ ਲਈ ਬੀਜ ਬਿੱਲ 2025 ਲਿਆਂਦਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਪਾਵਰਕਾਮ ਦੀਆਂ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ | ਪਟਿਆਲਾ ਨੇੜੇ ਬੰਡੂਗਰ ਦੀ 50 ਏਕੜ ਜ਼ਮੀਨ ਵੇਚਣ ਦਾ ਫ਼ੈਸਲਾ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਵਿਚ ਕਰ ਦਿੱਤਾ ਗਿਆ ਹੈ | ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਇਕ ਕੰਪਨੀ ਨੂੰ ਵੇਚ ਦਿੱਤਾ ਗਿਆ ਹੈ, ਜਿਸ ਦੀ ਆਗੂਆਂ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨਾ ਬੰਦ ਕਰੇ | ਆਗੂਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ 90 ਦੇ ਕਰੀਬ ਜਥੇਬੰਦੀਆਂ ਦੇ ਸਾਂਝੇ ਫ਼ੈਸਲੇ ਮੁਤਾਬਕ 22 ਫ਼ਰਵਰੀ ਨੂੰ ਭਾਜਪਾ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰਾਂ ਸਾਹਮਣੇ ਸਾਂਝੇ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ | ਜੇਕਰ ਕੇਂਦਰ ਸਰਕਾਰ ਵਲੋਂ ਲੋਕ ਸਭਾ/ਰਾਜ ਸਭਾ ਵਿਚ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਲਿਆਂਦਾ ਗਿਆ, ਤਾਂ ਉਸ ਦਿਨ ਨੂੰ ਕਾਲਾ ਦਿਨ ਮਨਾਉਂਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸੁਖਚੈਨ ਸਿੰਘ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਰਣਜੀਤ ਸਿੰਘ ਹਾਜ਼ਰ ਸਨ |