ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀਮਤੀ ਰੂਪਾ ਧਾਲੀਵਾਲ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ | ਇਸ ਦੇ ਨਾਲ ਹੀ ਜੇਲ੍ਹ ਵਿਚ ਚੱਲ ਰਹੇ ਹਸਪਤਾਲ ਤੇ ਖਾਣੇ ਵਾਲੀ ਰਸੋਈ ਦਾ ਵੀ ਨਿਰੀਖਣ ਕੀਤਾ ਗਿਆ | ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ 'ਤੇ ਤਸੱਲੀ ਪ੍ਰਗਟ ਕੀਤੀ | ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਹਰਸ਼ਦੀਪ ਸਿੰਘ ਬਰਾੜ ਡਿਪਟੀ ਚੀਫ਼ ਐੱਲ.ਏ.ਡੀ.ਸੀ, ਜੋਬਨਦੀਪ ਸਿੰਘ ਅਸਿਸਟੈਂਟ ਐੱਲ.ਏ.ਡੀ.ਸੀ. ਇਕਬਾਲ ਸਿੰਘ ਬਰਾੜ ਜੇਲ੍ਹ ਸੁਪਰਡੈਂਟ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ 14 ਮਾਰਚ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ | ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਰਾਹੀ ਨਿਪਟਾਉਣਾ ਚਾਹੁੰਦਾ ਹੈ, ਉਹ ਸੰਬੰਧਿਤ ਅਦਾਲਤ ਨੂੰ ਦਰਖ਼ਾਸਤ ਦੇ ਸਕਦਾ ਹੈ |