ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਅਜੀਤ ਡੈਸਕ
18-02-2026
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਅਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਸਾਂਝੀ ਪ੍ਰਧਾਨਗੀ ਮੰਡਲ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ 'ਚ 22 ਫ਼ਰਵਰੀ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ ਵਲੋਂ ਮਜ਼ਦੂਰ, ਮੁਲਾਜ਼ਮ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਕੌਮੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭੁਲੇਰੀਆਂ, ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਗੁਰਲਾਲ ਸਿੰਘ ਫ਼ੱਤਣਵਾਲਾ, ਪੰਜਾਬ ਸਟੂਡੈਂਟ ਯੂਨੀਅਨ ਦੇ ਕਨਵੀਨਰ ਨੌਨਿਹਾਲ ਸਿੰਘ ਥਾਂਦੇਵਾਲਾ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਖੋਖਰ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਭਾਰਤ ਵਲੋਂ ਅਮਰੀਕਾ ਨਾਲ ਕੀਤਾ ਗਿਆ ਟੈਕਸ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਰੱਦ ਕਰਨ, ਚਾਰ ਲੇਬਰ ਕੋਡ ਰੱਦ ਕਰਕੇ ਮਜ਼ਦੂਰ ਪੱਖੀ ਕਾਨੂੰਨ ਲਾਗੂ ਕੀਤੇ ਜਾਣ, ਨਿੱਜੀਕਰਨ ਬੰਦ ਕਰਨ, ਘੱਟੋ-ਘੱਟ ਪੈਨਸ਼ਨ ਸਭ ਲਈ 10 ਹਜ਼ਾਰ ਰੁਪਏ ਕਰਨ, ਜੀ ਰਾਮ ਜੀ ਰੱਦ ਕਰਕੇ ਮਗਨਰੇਗਾ ਨੂੰ ਲਾਗੂ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਲੋਕ ਮਾਰੂ ਬਿੱਲਾਂ ਖ਼ਿਲਾਫ਼ ਲਗਾਤਾਰ ਚੁੱਪੀ ਧਾਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਇਨ੍ਹਾਂ ਲੋਕ ਮਾਰੂ ਬਿੱਲਾਂ ਦਾ ਸਮਰਥਨ ਕਰਨ ਵਾਲੇ ਭਾਜਪਾ ਦੇ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ 22 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਤੇ ਹੋਰ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿਚ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਬਾਦਲ, ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼ ਮੂਹਰੇ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਇਨ੍ਹਾਂ ਖ਼ਤਰਨਾਕ ਲੋਕ ਮਾਰੂ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਹਰਪ੍ਰੀਤ ਸਿੰਘ ਗੋਨਿਆਣਾ, ਜਸਵੰਤ ਸਿੰਘ ਡੋਡਾਂਵਾਲੀ, ਅੰਮਿ੍ਤਪਾਲ ਸਿੰਘ ਗੋਨਿਆਣਾ, ਦਰਸ਼ਨ ਸਿੰਘ ਵੜਿੰਗ ਆਦਿ ਕਿਸਾਨ ਆਗੂ ਹਾਜ਼ਰ ਸਨ |