30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 20-02-2026
ਮਲੋਟ, 19 ਫ਼ਰਵਰੀ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਵਿਚ ਕਿ੍ਸ਼ਨਾ ਮੰਦਰ ਤੋਂ ਜੀ.ਟੀ.ਬੀ. ਸਕੂਲ ਤੱਕ ਲੰਮੇ ਸਮੇਂ ਤੋਂ ਲਟਕ ਰਹੀ ਸੜਕ ਦੇ ਨਿਰਮਾਣ ਕੰਮ ਦਾ ਸ਼ੁਭ ਆਰੰਭ ਕਰਵਾਇਆ | ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸੜਕ ਕਾਫ਼ੀ ਸਮੇਂ ਤੋਂ ਖ਼ਸਤਾਹਾਲ ਸੀ ਅਤੇ ਲੋਕਾਂ ਦੀ ਵੱਡੀ ਮੰਗ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਤਕਰੀਬਨ ਡੇਢ ਕਰੋੜ ਰੁਪਏ ਦੀ ਲਾਗਤ ਆਏਗੀ, ਜਦਕਿ ਇਸ ਦਾ ਅੱਧਾ ਹਿੱਸਾ ਪਹਿਲਾਂ ਹੀ ਤਕਰੀਬਨ ਪੂਰਾ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿਚ ਕੰਮ ਮੁਕੰਮਲ ਕਰਨ ਦਾ ਟਾਰਗਟ ਰੱਖਿਆ ਗਿਆ ਹੈ, ਪਰ ਕੋਸ਼ਿਸ਼ ਰਹੇਗੀ ਕਿ ਇਸ ਤੋਂ ਵੀ ਪਹਿਲਾਂ ਸੜਕ ਲੋਕਾਂ ਨੂੰ ਸਮਰਪਿਤ ਕੀਤੀ ਜਾਵੇ | ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸੜਕ ਦੇ ਨਾਲ ਵਾਕਿੰਗ ਟਰੈਕ ਤੇ ਪਲਾਂਟੇਸ਼ਨ ਦੀ ਵੀ ਯੋਜਨਾ ਬਣਾਈ ਗਈ ਹੈ, ਤਾਂ ਜੋ ਸ਼ਹਿਰ ਨੂੰ ਇਕ ਨਵੀਂ ਤੇ ਸੁੰਦਰ ਦਿੱਖ ਮਿਲ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਮ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਰ ਸੜਕਾਂ ਤੇ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਿਆਨ ਸਿਰਫ਼ ਲਾਗਤ 'ਤੇ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀ ਸਹੂਲਤ 'ਤੇ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਕੜੇ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸਰਕਾਰੀ ਕਾਰਵਾਈ ਵਿਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਹ ਮੁਹਿੰਮ ਰੁਕੇਗੀ ਨਹੀਂ | ਉਨ੍ਹਾਂ ਕਿਹਾ ਕਿ ਇਕ ਪਾਸੇ ਕਾਨੂੰਨੀ ਕਾਰਵਾਈ ਹੋ ਰਹੀ ਹੈ, ਦੂਜੇ ਪਾਸੇ ਬੱਚਿਆਂ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਪਿੰਡ ਪੱਧਰ 'ਤੇ ਖੇਡ ਮੈਦਾਨ ਬਣਾਉਣ ਤੇ ਕਮੇਟੀਆਂ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ | ਮਲੋਟ ਵਿਚ ਵਧ ਰਹੀ ਟ੍ਰੈਫ਼ਿਕ ਸਮੱਸਿਆ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨਾਲ ਵੀ ਵਿਚਾਰ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਖ਼ਤ ਕਦਮ ਚੁੱਕੇ ਜਾਣਗੇ ਤੇ ਪਾਰਕਿੰਗ ਦੀ ਵਿਵਸਥਾ ਕਰਕੇ ਟ੍ਰੈਫ਼ਿਕ ਸੁਧਾਰਿਆ ਜਾਵੇਗਾ | ਕਿਸਾਨਾਂ ਦੇ ਮਸਲਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਰਹੀ ਹੈ ਅਤੇ ਉਨ੍ਹਾਂ ਦੀਆਂ ਵਾਜਬ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ | ਡਾ. ਬਲਜੀਤ ਕੌਰ ਨੇ ਕਿਹਾ ਕਿ ਮਲੋਟ ਹਲਕੇ ਦੇ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਸ਼ਹਿਰ ਨੂੰ ਇਕ ਨਵੀਂ ਪਹਿਚਾਣ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।