ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਹਰਮਹਿੰਦਰ ਪਾਲ)-20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਤੇ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆ ਵਲੋਂ ਕੀਤੀ ਕਲਮਛੋੜ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਬੀਤੇ ਕੱਲ੍ਹ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ 'ਤੇ ਜਲ ਤੋਪਾਂ ਦੀ ਵਰਤੋਂ ਕੀਤੀ ਅਤੇ ਮੁਲਾਜ਼ਮਾਂ 'ਤੇ ਪੁਲਿਸ ਵਿਚ ਹੋਈ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥੀਆਂ | ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ, ਮੋਹਿਤ ਕੁਮਾਰ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਚੇਤਨ ਸ਼ਰਮਾ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਰਿੰਪਲ ਰਾਣੀ, ਰਮਨੀਤ ਕੌਰ, ਸਪਨਾ ਰਾਣੀ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਬੀਤੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆਂ ਨੂੰ ਤਨਖ਼ਾਹਾਂ ਨਾ ਘਟਾਉਣ ਅਤੇ ਠੋਸ ਫ਼ੈਸਲਾ ਲੈਣ ਦੀ ਹਦਾਇਤ ਕੀਤੀ, ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ | ਤਤਕਾਲੀ ਸਕੱਤਰ ਸਕੂਲ ਸਿੱਖਿਆ ਵਲੋਂ ਜਥੇਬੰਦੀ ਨਾਲ 10 ਅਕਤੂਬਰ 2025 ਨੂੰ ਮੀਟਿੰਗ ਕੀਤੀ ਗਈ, | ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ 1 ਅਪ੍ਰੈਲ 2018 ਤੋਂ ਅਧਿਆਪਕਾਂ ਦੀ ਤਰਜ਼ 'ਤੇ ਰੈਗੂਲਰ ਕਰਨ ਅਤੇ ਤਨਖ਼ਾਹਾਂ ਨਾ ਘਟਾਉਣ ਸੰਬੰਧੀ ਗੱਲਬਾਤ ਹੋਈ ਸੀ | ਇਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ, ਪ੍ਰੰਤੂ 5 ਮਹੀਨੇ ਬੀਤਣ 'ਤੇ 1 ਅਪ੍ਰੈਲ 2018 ਤੋਂ ਆਰਡਰ ਦੇਣ ਜਾਂ ਤਨਖ਼ਾਹਾਂ ਸੰਬੰਧੀ ਫ਼ੈਸਲਾ ਲੈਣ ਦੀ ਫਾਈਲ ਦਫ਼ਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ 'ਤੇ ਹੀ ਘੁੰਮ ਰਹੀ ਹੈ | ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਆਪਣੀ ਕਲਮਛੋੜ ਹੜਤਾਲ ਦੇ ਨਾਲ-ਨਾਲ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ, ਜੋ ਕਿ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਆਗੂਆਂ ਨੇ ਕਿਹਾ ਕਿ ਜੇਕਰ ਕੱਲ੍ਹ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਵਿਚ ਤਨਖ਼ਾਹ ਕਟੌਤੀ ਅਤੇ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਸੰਬੰਧੀ ਕੋਈ ਫ਼ੈਸਲਾ ਨਾ ਹੋਇਆ, ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ |