16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ ਤੋਂ ਨਗਰ ਕੀਰਤਨ ਰਵਾਨਾ

ਅਜੀਤ ਡੈਸਕ 01-03-2026

ਸ੍ਰੀ ਮੁਕਤਸਰ ਸਾਹਿਬ/ਦੋਦਾ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਦਿਨਾਂ 16ਵਾਂ ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਤੋਂ ਸਵੇਰੇ 9:30 ਵਜੇ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਤੇ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਹੁੰਦਾ ਹੋਇਆ 6 ਮਾਰਚ ਦਿਨ ਸ਼ੁੱਕਰਵਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ (ਪਾਕਿਸਤਾਨ ਸਰਹੱਦ) ਵਿਖੇ ਸੰਪੂਰਨ ਹੋਵੇਗਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫ਼ੁੱਲਾਂ ਨਾਲ ਸ਼ਿੰਗਾਰੀ ਵੱਡੀ ਬੱਸ ਵਾਲੀ ਪਾਲਕੀ 'ਚ ਸ਼ੁਸ਼ੋਭਿਤ ਸਨ | ਇਸ ਨਗਰ ਕੀਰਤਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਪੰਜਾ ਸਾਹਿਬ ਦੇ ਦੁਨੀਆ ਦੇ ਸਭ ਤੋਂ ਵੱਡੇ ਮਾਡਲ ਬਣਾ ਕੇ ਵੱਡੇ ਟਰੱਕ-ਟਰਾਲਿਆਂ ਉਪਰ ਸਜਾ ਕੇ ਸ਼ਾਮਿਲ ਕੀਤੇ ਗਏ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਇਕ ਵੱਡੀ ਚੱਲਦੀ-ਫਿਰਦੀ ਪ੍ਰਦਰਸ਼ਨੀ ਵੀ ਨਗਰ ਕੀਰਤਨ ਵਿਚ ਸ਼ਾਮਿਲ ਸੀ | ਇਸ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿਚ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ ਅਤੇ ਬੈਂਡ ਪਾਰਟੀ ਵਲੋਂ ਧਾਰਮਿਕ ਧੁਨਾਂ ਰਾਹੀਂ ਮਾਹੌਲ ਨੂੰ ਆਨੰਦਿਤ ਕੀਤਾ ਗਿਆ | ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ 'ਤੇ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਜਸ ਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ | ਪਹਿਲੇ ਦਿਨ ਇਹ ਨਗਰ ਕੀਰਤਨ ਰਾਤਰੀ ਵਿਸ਼ਰਾਮ ਗੁਰਦੁਆਰਾ ਦੋਦਾ ਤਾਲ ਪਾਤਿਸ਼ਾਹੀ ਦਸਵੀਂ ਗੁਰੂ ਕੀ ਢਾਬ (ਫ਼ਰੀਦਕੋਟ) ਵਿਖੇ ਕਰੇਗਾ | ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ | ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ 64 ਪਿੰਡਾਂ ਦੇ ਸਾਰੇ ਸਕੂਲਾਂ ਵਿਚ 13 ਹਜ਼ਾਰ ਬੱਚਿਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਮੁਕੰਮਲ ਹੋਣ 'ਤੇ ਸੰਪੂਰਨਤਾ ਦੀ ਅਰਦਾਸ ਕਰਨ ਦੇ ਸਬੰਧ 'ਚ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲਿ੍ਹਆਂ 'ਚੋਂ ਹੁੰਦਾ ਹੋਇਆ ਅਤੇ 5 ਮਾਰਚ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਰਾਤਰੀ ਵਿਸ਼ਰਾਮ ਕਰੇਗਾ | 6 ਮਾਰਚ ਨੂੰ ਸਵੇਰੇ 8:30 ਵਜੇ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ (ਪਾਕਿਸਤਾਨ ਸਰਹੱਦ) ਵਿਖੇ ਪਹੁੰਚ ਕੇ ਅਰਦਾਸ ਉਪਰੰਤ ਸੰਪੂਰਨ ਹੋਵੇਗਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਸਾਬਕਾ ਮੈਨੇਜਰ ਕਰਨ ਸਿੰਘ, ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਨਾਲੀਆਂ ਦਾ ਗੰਦਾ ਪਾਣੀ ਮੁੱਖ ਸੜਕ 'ਤੇ ਆਉਣ ਕਰਕੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਵਲੋਂ ਸਾਹਿਤਕ ਮੇਲੇ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।