ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਇੰਚਾਰਜ ਲਗਾਏ ਗਏ ਹਨ | ਇਸ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ ਨੂੰ ਭਗਤਾ ਭਾਈਕਾ ਦਾ ਇੰਚਾਰਜ ਲਾਇਆ ਗਿਆ ਹੈ | ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਭਗਤਾ ਭਾਈਕਾ ਨਗਰ ਕੌਂਸਲ ਚੋਣਾਂ ਲਈ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਤਨਦੇਹੀ ਨਾਲ ਨਿਭਾਉਣਗੇ | ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ | ਨਗਰ ਕੌਂਸਲ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਸਾਰੇ ਵਾਰਡਾਂ ਵਿਚ ਖੜ੍ਹੇ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਜਿੱਤ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਡਬਲ ਇੰਜਨ ਦੀ ਸਰਕਾਰ ਚਾਹੁੰਦੇ ਹਨ ਅਤੇ ਸੂਬੇ ਵਿਚ ਵੀ ਭਾਜਪਾ ਦੀ ਸਰਕਾਰ ਵੇਖਣ ਲਈ ਉਤਾਵਲੇ ਹਨ | ਕਿਉਂਕਿ ਜਿੰਨਾਂ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ, ਉਹ ਰਾਜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਹਨ |