ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਤੇ ਲੂਅ ਤੋਂ ਬਚਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ 'ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ | ਇਸ ਸਬੰਧੀ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਗਰਮੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ | ਜ਼ਿਆਦਾ ਗਰਮੀ ਹੋਣ 'ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿਚ ਗਰਮੀ ਬਾਹਰ ਕੱਢਦਾ ਹੈ ਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ | ਜਿਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ | ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ | ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਰੋਕ ਕਹਿੰਦੇ ਹਨ | ਆਮ ਤੌਰ 'ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰ ਇਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟਰੋਕ) ਬਹੁਤ ਖਤਰਨਾਕ ਬਿਮਾਰੀ ਹੈ | ਉਨ੍ਹਾਂ ਦੱਸਿਆ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜ਼ਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨ੍ਹੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਿਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ | ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਏਰੀਆ ਵਿਚ ਸਿਹਤ ਸਟਾਫ਼ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲੇ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ |