ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਹੈ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਬਿਜਲੀ ਸੰਬੰਧੀ ਦਾਅਵੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਾ ਤਾਂ ਕੋਈ ਨਵਾਂ ਥਰਮਲ ਪਲਾਂਟ ਲਗਾਇਆ ਗਿਆ ਹੈ ਅਤੇ ਨਾ ਹੀ ਸੂਬੇ ਕੋਲ ਇੰਨਾਂ ਬਜਟ ਹੈ ਕਿ ਹੋਰਨਾਂ ਸੂਬਿਆਂ ਤੋਂ ਬਿਜਲੀ ਖ਼ਰੀਦੀ ਜਾ ਸਕੇ | ਇਸ ਕਾਰਨ ਪੰਜਾਬ ਵਿਚ ਬਿਜਲੀ ਸਪਲਾਈ ਦਾ ਸੰਕਟ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਲੋਕਾਂ ਨੂੰ ਨਿਰਵਿਘਨ ਬਿਜਲੀ ਮਿਲਦੀ ਸੀ, ਪਰ ਮੌਜੂਦਾ ਸਰਕਾਰ ਪੁਰਾਣੇ ਥਰਮਲ ਪ੍ਰੋਜੈਕਟਾਂ ਨੂੰ ਵੀ ਢੰਗ ਨਾਲ ਨਹੀਂ ਚਲਾ ਸਕੀ | ਹਨੀ ਫੱਤਣਵਾਲਾ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਕਿਸਾਨਾਂ, ਵਪਾਰੀਆਂ ਅਤੇ ਘਰੇਲੂ ਖਪਤਕਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਐਲਾਨ ਕੀਤਾ ਕਿ 30 ਅਪ੍ਰੈਲ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸ਼ਮਿੰਦਰ ਸਿੰਘ ਸੰਧੂ, ਬਲਰਾਜ ਸਿੰਘ ਤਾਮਕੋਟ, ਗੁਰਸੇਵਕ ਸਿੰਘ, ਹਰਮੰਦਰ ਸਿੰਘ ਆਦਿ ਮੌਜੂਦ ਸਨ |