ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 2 ਮਈ 2026 ਨੂੰ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ ਗਰੀਨ ਸੀ ਰਿਜ਼ੋਰਟ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੀ ਪ੍ਰਧਾਨਗੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ, ਪੰਜਾਬ ਅਤੇ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਕਰਨਗੇ | ਕੈਂਪ ਦਾ ਉਦਘਾਟਨ ਅਮਿਤ ਕੁਮਾਰ ਪੰਚਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਕਰਨਗੇ | ਇਸ ਕੈਂਪ ਵਿਚ ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ. ਹਲਕਾ ਸ੍ਰੀ ਮੁਕਤਸਰ ਸਾਹਿਬ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਐਮ.ਐਲ.ਏ. ਗਿੱਦੜਬਾਹਾ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਕਿਸਾਨ ਕੈਂਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ, ਬਾਗਬਾਨੀ, ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਤੋਂ ਇਲਾਵਾ ਸਹਾਇਕ ਧੰਦਿਆਂ ਦੇ ਨਾਲਨਾਲ ਨਵੀਨਤਮ ਖੇਤੀ ਮਸ਼ੀਨਰੀ ਆਦਿ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ | ਇਹ ਕੈਂਪ ਆਤਮਾ ਸਕੀਮ ਦੇ ਵਿੱਤੀ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ |