ਕੋਟਕਪੂਰਾ, 29 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਿਤ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਚ ਪੈਨਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਈਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਅਪਣਾਈਆਂ ਗਈਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੋਮ ਨਾਥ ਅਰੋੜਾ, ਮਦਨ ਲਾਲ ਸ਼ਰਮਾ ਸੰਧਵਾਂ, ਅਮਰਜੀਤ ਕੌਰ ਛਾਬੜਾ, ਜਸਵਿੰਦਰ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਬੰਬੀਹਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫ਼ੀਸਦੀ ਦੀ ਦਰ ਨਾਲ ਡੀ.ਏ ਦੀਆਂ ਬਕਾਇਆ ਪਈਆਂ ਛੇ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਵੱਖ-ਵੱਖ ਅਦਾਲਤੀ ਫ਼ੈਸਲੇ ਤੁਰੰਤ ਲਾਗੂ ਕੀਤੇ ਜਾਣ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਏਟਕ ਵਲੋਂ ਸਾਰੇ ਕਿਰਤੀਆਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਘੱਟੋ ਘੱਟ ਉਜਰਤਾਂ ਵਿਚ ਵਾਧਾ ਕਰਵਾਉਣ ਲਈ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 19 ਮਈ ਨੂੰ ਕਿਰਤ ਕਮਿਸ਼ਨਰ ਮੋਹਾਲੀ ਦੇ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਅਤੇ 17 ਮਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਅਨੁਸਾਰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕੰਨਵੈਨਸ਼ਨ ਵਿਚ ਪੰਜਾਬ ਪੈਨਸ਼ਨਰ ਯੂਨੀਅਨ ਸਬੰਧਿਤ ਏਟਕ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਰਮੇਸ਼ ਢੈਪਈ, ਸੁਖਮੰਦਰ ਸਿੰਘ ਰਾਮਸਰ, ਗੇਜ ਰਾਮ ਭੌਰਾ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਮੇਜਰ ਸਿੰਘ ਡੀ.ਪੀ.ਈ, ਹਰਦੀਪ ਸਿੰਘ ਲੈਕਚਰਾਰ ਡਾਇਟ, ਰਾਜੀਵ ਕੌਸ਼ਲ ਸਿਹਤ ਵਿਭਾਗ, ਗੁਲਵੰਤ ਸਿੰਘ ਔਲਖ, ਜੋਗਿੰਦਰ ਸਿੰਘ ਛਾਬੜਾ ਅਤੇ ਮੇਜਰ ਸਿੰਘ ਜੌਹਲ ਆਦਿ ਹਾਜ਼ਰ ਸਨ |