09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ <br/>

ਅਜੀਤ ਡੈਸਕ 12-05-2026
ਸ੍ਰੀ ਮੁਕਤਸਰ ਸਾਹਿਬ, 11 ਮਈ (ਹਰਮਹਿੰਦਰ ਪਾਲ)-ਪਿਛਲੇ 6 ਦਿਨਾਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਚ ਸਫ਼ਾਈ ਸੇਵਕਾਂ ਦੀ ਲਗਾਤਾਰ ਚਲ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਪਏ ਹਨ, ਜਿਸ ਕਾਰਨ ਹੁਣ ਸ਼ਹਿਰ ਵਾਸੀਆਂ ਲਈ ਵੱਡੀ ਪ੍ਰੇਸ਼ਾਨੀ ਬਣ ਚੁੱਕੀ ਹੈ | ਸੜਕਾਂ ਤੋਂ ਲੰਘਣਾ ਮੁਸ਼ਕਿਲ ਹੋ ਰਿਹਾ ਹੈ ਅਤੇ ਗੰਦਗੀ ਕਾਰਨ ਲੋਕਾਂ ਨੂੰ ਬਿਮਾਰੀਆਂ ਦਾ ਡਰ ਸਤਾਉਣ ਲੱਗ ਪਿਆ ਹੈ | ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਮਾਤਾ ਭਾਗ ਕੌਰ ਪਾਰਕ, ਰੇਲਵੇ ਓਵਰਬਿ੍ਜ ਅਤੇ ਨਗਰ ਕੌਂਸਲ ਦੇ ਆਲੇ-ਦੁਆਲੇ ਸਭ ਤੋਂ ਵੱਧ ਮਾੜੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ | ਨਗਰ ਕੌਂਸਲ ਦੇ ਬਿਲਕੁਲ ਸਾਹਮਣੇ ਕੂੜੇ ਦਾ ਐਨਾ ਵੱਡਾ ਢੇਰ ਲੱਗ ਚੁੱਕਾ ਹੈ ਕਿ ਸੜਕ ਲਗਪਗ ਬੰਦ ਹੋ ਗਈ ਹੈ ਅਤੇ ਲੋਕ ਮਜ਼ਬੂਰੀ ਵਿਚ ਕੂੜੇ ਦੇ ਉਪਰੋਂ ਆਪਣੇ ਵਾਹਨ ਕੱਢ ਰਹੇ ਹਨ | ਆਲੇ-ਦੁਆਲੇ ਫ਼ੈਲੀ ਗੰਦਗੀ ਅਤੇ ਬਦਬੂ ਕਾਰਨ ਲੋਕਾਂ ਲਈ ਉੱਥੇ ਖੜ੍ਹਾ ਹੋਣਾ ਵੀ ਮੁਸ਼ਕਿਲ ਹੋ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਨਗਰ ਕੌਂਸਲ ਦੇ 31 ਟਿੱਪਰ, ਜੋ ਘਰ-ਘਰ ਤੋਂ ਕੂੜਾ ਇਕੱਠਾ ਕਰਦੇ ਸਨ, ਉਹ ਵੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਵਿਚ ਸ਼ਾਮਿਲ ਹਨ | ਇਸ ਕਾਰਨ ਪਿਛਲੇ 6 ਦਿਨਾਂ ਤੋਂ ਘਰਾਂ ਵਿਚੋਂ ਕੂੜਾ ਨਹੀਂ ਚੁੱਕਿਆ ਗਿਆ | ਕਈ ਇਲਾਕਿਆਂ ਵਿਚ ਲੋਕਾਂ ਦੇ ਘਰਾਂ ਦੇ ਡਸਟਬਿਨ ਪੂਰੀ ਤਰ੍ਹਾਂ ਭਰ ਚੁੱਕੇ ਹਨ ਅਤੇ ਘਰਾਂ ਵਿਚ ਬਦਬੂ ਫ਼ੈਲਣ ਲੱਗ ਪਈ ਹੈ | ਖ਼ਾਸ ਕਰਕੇ ਔਰਤਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਵਿਚ ਕੁਝ ਨਿੱਜੀ ਰਿਕਸ਼ਾ ਚਾਲਕ ਘਰਾਂ ਵਿਚੋਂ ਕੂੜਾ ਚੁੱਕ ਕੇ ਨਗਰ ਕੌਂਸਲ ਅਤੇ ਸ਼ਹਿਰ ਦੇ ਵੱਖ-ਵੱਖ ਕੋਨਿਆਂ ਵਿਚ ਖ਼ਾਲੀ ਕਰ ਰਹੇ ਹਨ, ਜਿਸ ਕਾਰਨ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ | ਨਗਰ ਕੌਂਸਲ ਦੇ ਸਾਹਮਣੇ ਜਿੱਥੇ ਸਬਜ਼ੀਆਂ ਅਤੇ ਫ਼ਲ-ਫਰੂਟ ਦੀਆਂ ਰੇਹੜੀਆਂ ਲੱਗਦੀਆਂ ਹਨ, ਉੱਥੇ ਨੇੜੇ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਮੱਖੀਆਂ ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਬੈਠ ਰਹੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਵੱਧ ਗਿਆ ਹੈ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ | ਲੋਕਾਂ ਦਾ ਕਹਿਣਾ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਹੋ ਸਕੇ | ਉਨ੍ਹਾਂ ਕਿਹਾ ਕਿ ਜੇਕਰ ਹੜਤਾਲ ਲੰਮੇ ਸਮੇਂ ਤੱਕ ਜਾਰੀ ਰਹੀ ਤਾਂ ਹਾਲਾਤ ਹੋਰ ਵੀ ਬਦਤਰ ਹੋ ਜਾਣਗੇ | ਸਥਾਨਕ ਲੋਕਾਂ ਨੇ ਕਿਹਾ ਕਿ 6 ਦਿਨਾਂ ਤੋਂ ਜਮਾਂ ਕੂੜੇ ਕਾਰਨ ਐਨੀ ਗੰਦੀ ਬਦਬੂ ਆ ਰਹੀ ਹੈ ਕਿ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਲੋਕਾਂ ਨੇ ਕਿਹਾ ਕਿ ਇਸ ਵਿਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ, ਪਰ ਉਨ੍ਹਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ | ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਫ਼ਾਈ ਕਰਮਚਾਰੀਆਂ ਤੇ ਸਰਕਾਰ ਵਿਚਾਲੇ ਗੱਲਬਾਤ ਕਰਵਾ ਕੇ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ |


ਪਿਛਲੀ ਖ਼ਬਰ ਸੀ.ਐੱਨ.ਜੀ. ਕੈਂਟਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ <br/> ਅਗਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।