ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਤੇਜ਼ੀ ਫ਼ੜ੍ਹ ਗਿਆ ਹੈ | ਵਾਰਡ ਨੰਬਰ 15 (ਰਾਖਵਾਂ ਐੱਸ.ਸੀ. ਔਰਤ) ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿੰਕੂ ਰਾਣੀ ਪਤਨੀ ਗੁਰਤੇਜ ਸਿੰਘ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਆਪਣੇ ਸਮਰਥਕਾਂ ਸਮੇਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਹੋਰ ਮੁਹੱਲਿਆਂ ਵਿਚ ਜਾ ਕੇ ਘਰ-ਘਰ ਵਿਚ ਵੋਟਰ ਨਾਲ ਸੰਪਰਕ ਕੀਤਾ ਅਤੇ ਵੋਟਰਾਂ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਰਿੰਕੂ ਰਾਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਕੰਮਾਂ ਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਕੰਮਾਂ ਦੇ ਆਧਾਰ 'ਤੇ ਉਹ ਵੋਟਾਂ ਮੰਗ ਰਹੇ ਹਨ | ਉਨ੍ਹਾਂ ਕਿਹਾ ਕਿ ਵੋਟਰਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਦੇ ਪਤੀ ਗੁਰਤੇਜ ਸਿੰਘ ਨੇ ਦੱਸਿਆ ਕਿ ਲੋਕ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਅਤੇ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ | ਇਸ ਮੌਕੇ ਉਮੀਦਵਾਰ ਦੇ ਸਮਰਥਕ ਵੀ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਝੰਡੇ ਲੈ ਕੇ ਚੱਲ ਰਹੇ ਸਨ |