ਮਲੋਟ, 10 ਜੂਨ (ਪਾਟਿਲ)-ਖੇਤ ਬਚਾਓ ਅਭਿਆਨ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਝੋਰੜ, ਔਲਖ ਤੇ ਭੁਲੇਰੀਆ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਇਸ ਦੌਰਾਨ ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਸਿਫ਼ਾਰਸ਼ੀ ਤੇ ਵਿਗਿਆਨਕ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਮਾਹਿਰਾਂ ਨੇ ਖ਼ਾਦਾਂ, ਨਦੀਨ ਨਾਸ਼ਕਾਂ ਤੇ ਕੀਟਨਾਸ਼ਕਾਂ ਦੀ ਸੰਤੁਲਿਤ ਅਤੇ ਸਿਫ਼ਾਰਸ਼ੀ ਵਰਤੋਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤੀ ਆਦਾਨਾਂ ਦੀ ਬੇਲੋੜੀ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਵਧਦੀ ਹੈ, ਸਗੋਂ ਮਿੱਟੀ ਦੀ ਸਿਹਤ ਤੇ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚਦਾ ਹੈ | ਇਸ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਕਿਸਾਨ ਭਲਾਈ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਕਿਸਾਨਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਮਾਹਿਰਾਂ ਨੇ ਝੋਨੇ ਦੀਆਂ ਨਰਸਰੀਆਂ ਤੇ ਡਾਇਰੈਕਟ ਸੀਡਡ ਰਾਈਸ (ਡੀ.ਐੱਸ.ਆਰ.) ਵਾਲੇ ਖੇਤਾਂ ਦਾ ਦੌਰਾ ਕਰਕੇ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋੜ ਅਨੁਸਾਰ ਤਕਨੀਕੀ ਸਲਾਹ ਦਿੱਤੀ | ਮਾਹਿਰਾਂ ਨੇ ਕਿਹਾ ਕਿ ਵਿਗਿਆਨਕ ਖੇਤੀ ਤਰੀਕਿਆਂ ਨੂੰ ਅਪਣਾ ਕੇ ਕਿਸਾਨ ਖੇਤੀ ਲਾਗਤ ਘਟਾ ਸਕਦੇ ਹਨ, ਮਿੱਟੀ ਦੀ ਸਿਹਤ ਵਿਚ ਸੁਧਾਰ ਲਿਆ ਸਕਦੇ ਹਨ ਅਤੇ ਟਿਕਾਊ ਖੇਤੀ ਨੂੰ ਯਕੀਨੀ ਬਣਾ ਸਕਦੇ ਹਨ |