ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਮੰਜੂ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਸਿੰਘ ਦੇ ਵਿਸ਼ੇਸ਼ ਲੈਕਚਰ ਨਾਲ ਹੋਈ। ਆਪਣੇ ਸੰਬੋਧਨ ਉਨ੍ਹਾਂ ਨੇ ਤੇਜ਼ੀ ਨਾਲ ਵਧ ਰਹੀ ਆਬਾਦੀ ਦੀਆਂ ਚੁਣੌਤੀਆਂ ਤੇ ਪ੍ਰਭਾਵ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਨਾਗਰਿਕ ਬਣਨ ਅਤੇ ਸੰਤੁਲਿਤ ਤੇ ਜ਼ਿੰਮੇਵਾਰ ਸਮਾਜ ਦੀ ਉਸਾਰੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟਿਕਾਊ ਭਵਿੱਖ ਲਈ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਤੇ ਰਚਨਾਤਮਕਤਾ ਨਾਲ ਭਾਗ ਲਿਆ। ਪੋਸਟਰਾਂ ਰਾਹੀਂ ਆਬਾਦੀ ਨਿਯੰਤਰਣ, ਔਰਤ ਸ਼ਕਤੀਕਰਨ, ਸਿਹਤ ਅਤੇ ਸਿੱਖਿਆ ਬਾਰੇ ਮਹੱਤਵਪੂਰਨ ਸੰਦੇਸ਼ ਦਿੱਤੇ ਗਏ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਨੇ ਸਮਾਜ ਵਿਚ ਆਬਾਦੀ ਸੰਬੰਧੀ ਮੁੱਦਿਆਂ ਬਾਰੇ ਜਾਗਰੂਕਤਾ ਫ਼ੈਲਾਉਣ ਵਿਚ ਨੌਜਵਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਇਸ ਸਮਾਗਮ ਦਾ ਸੰਚਾਲਨ ਪ੍ਰੋਗਰਾਮ ਅਫ਼ਸਰ ਪ੍ਰੋ. ਹਰਮੀਤ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਪ੍ਰੋ. ਕੰਵਰਜੀਤ ਸਿੰਘ ਬਰਾੜ ਅਤੇ ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ।