ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਅਤੇ ਬਲਾਕ ਪ੍ਰਧਾਨ ਕੁਲਬੀਰ ਜੋਸ਼ੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੋਢਾ ਵਰਤ ਕੇ ਪੰਜਾਬ ਦੀ ਅਖੌਤੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਦੇ ਪ੍ਰਚਾਰ ਦਾ ਡਟਵਾਂ ਵਿਰੋਧ ਕਰਦੀ ਸੀ, ਪਰ ਸੱਤਾ ਮਿਲਦਿਆਂ ਹੀ ਸਰਕਾਰ ਨੇ ਆਪਣੇ ਪ੍ਰਚਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹੁਣ ਸਰਕਾਰ ਦੁਆਰਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਰਤਿਆ ਜਾ ਰਿਹਾ ਹੈ। ਆਗੂਆਂ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਪ੍ਰਚਾਰ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਖ਼ਾਸ ਕਰਕੇ ਵਿਦਿਆਰਥੀਆਂ ਦੇ ਮੋਢੇ ਨਹੀਂ ਵਰਤਣੇ ਚਾਹੀਦੇ। ਪੰਜਾਬ ਵਿਚ ਅਖੌਤੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਕਰਨ ਤੋਂ ਪਹਿਲਾਂ ਸਰਕਾਰ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੈਂਕੜੇ ਆਸਾਮੀਆਂ ਖ਼ਾਲੀ ਹਨ। ਅਧਿਆਪਕ ਪ੍ਰਮੋਸ਼ਨਾਂ ਨੂੰ ਤਰਸ ਰਹੇ ਹਨ ਅਤੇ ਅਨੇਕਾਂ ਗੈਰ ਵਿਦਿਅਕ ਕੰਮਾਂ ਕਾਰਨ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਰੱਖਿਆ ਹੋਇਆ ਹੈ ਅਤੇ 70 ਪ੍ਰਤੀਸ਼ਤ ਤੋਂ ਵੱਧ ਅਧਿਆਪਕ ਸਕੂਲਾਂ ਤੋਂ ਬਾਹਰ ਗੈਰ ਵਿਦਿਆ ਕੰਮਾਂ ਵਿਚ ਲੱਗੇ ਹੋਏ ਹਨ ਤੇ ਪੰਜਾਬ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਕਰ ਰਹੀ ਹੈ। ਸਰਕਾਰ ਇਸ ਫੋਕੀ ਸ਼ੋਹਰਤਬਾਜ਼ੀ ਨੂੰ ਛੱਡ ਕੇ ਸਕੂਲ ਸਿੱਖਿਆ ਵੱਲ ਧਿਆਨ ਦੇਵੇ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਸਲੇ ਹੱਲ ਕਰੇ।
ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ਸਰਕਾਰ-ਜੀ.ਟੀ.ਯੂ.
ਅਜੀਤ ਡੈਸਕ
22-07-2026