ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਹਰਮਹਿੰਦਰ ਪਾਲ)- ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੜੇ ਨਾਲ ਸੰਬੰਧਿਤ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਫਾਰਮੇਸੀ ਪੇਪਰ ਲੀਕ ਮਾਮਲੇ ’ਚ ਗੁਰੂ ਗੋਬਿੰਦ ਸਿੰਘ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਕਾਫ਼ਲੇ ਦੀ ਅਗਵਾਈ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕਾ ਕਰਨ ਕੌਰ ਬਰਾੜ, ਭਾਈ ਜਸ਼ਨ ਚਹਿਲ, ਪਰਮਜੀਤ ਸਿੰਘ ਬਿੱਲੂ ਸਿੱਧੂ ਤੇ ਮੋਹਕਮ ਸੰਧੂ ਨੇ ਦੱਸਿਆ ਕਿ ਪੇਪਰ ਲੀਕ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜ਼ਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀ ਪ੍ਰਕਿਰਿਆ ਵਿਚ ਪੇਪਰ ਲੀਕ ਵਰਗੀ ਘਟਨਾ ਉਮੀਦਵਾਰਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਤੇ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਭਰਤੀ ਪ੍ਰਕਿਰਿਆ ਵਿਚ ਕਿਸੇ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇਸ ਪੇਪਰ ਲੀਕ ਮਾਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਸਿਰਫ਼ ਰਾਜਨੀਤਕ ਮਾਮਲਾ ਨਹੀਂ, ਸਗੋਂ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਮੁੱਦਾ ਮੰਨਦੀ ਹੈ। ਇਸੇ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਫ਼ਰੀਦਕੋਟ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਪੇਪਰ ਲੀਕ ਮਾਮਲੇ ਵਿਚ ਜਵਾਬਦੇਹੀ ਤਹਿ ਕਰਨੀ ਚਾਹੀਦੀ ਹੈ। ਇਸ ਮੌਕੇ ਅਨੇਕ ਸਿੰਘ ਮਧੀਰ, ਸਾਬਕਾ ਕੌਂਸਲਰ ਗੁਰਮੀਤ ਸਿੰਘ ਜੀਤਾ, ਸਾਬਕਾ ਐੱਮ.ਸੀ. ਗੋਰਾ, ਮਾਸਟਰ ਦਲਬੀਰ ਸਿੰਘ, ਸੋਨੂੰ ਬਰਾੜ, ਗਗਨ ਚਹਿਲ, ਸ਼ੇਰਬਾਜ ਫ਼ੱਤਣਵਾਲਾ, ਗੁਰਇਤਫਾਕ ਸੰਧੂ, ਨਿਸ਼ਾਨ ਗੁਲਾਬੇਵਾਲਾ, ਜਗਪਾਲ ਸਿੰਘ ਗੁਲਾਬੇਵਾਲਾ, ਅਮਰਜੀਤ ਸੰਧੂ, ਵਰਜੋਤ ਬਰਾੜ, ਅਕਸ਼ੇ ਅਨੇਜਾ ਵੀ ਮੌਜੂਦ ਸਨ।