02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਲੋਟ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 31-07-2026
ਮਲੋਟ, 30 ਜੁਲਾਈ (ਪਾਟਿਲ)-2 ਅਗਸਤ ਨੂੰ ਮਲੋਟ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਐੱਮ.ਸੀ. ਸਾਹਿਬਾਨ ਦੀ ਮੀਟਿੰਗ ਹੋਈ। ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਇਹ ਖ਼ਾਲਸਾ ਮਾਰਚ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 2 ਅਗਸਤ ਨੂੰ ਸ਼ਾਮ ਕਰੀਬ 5 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਮਲੋਟ ਪਹੁੰਚੇਗਾ। ਇਸ ਉਪਰੰਤ ਇਹ ਮਾਰਚ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਡਾ. ਗਿੱਲ ਨੇ ਕਿਹਾ ਕਿ ਜੀ.ਟੀ. ਰੋਡ ’ਤੇ ਜਿੱਥੇ-ਜਿੱਥੇ ਨਗਰ ਕੀਰਤਨ ਲੰਘੇਗਾ, ਉੱਥੇ ਸਵਾਗਤੀ ਗੇਟ, ਪਾਲਕੀ ਸਾਹਿਬ ਲਈ ਮੈਟ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਲਗੀਧਰ ਸਾਹਿਬ, ਦਾਨੇਵਾਲਾ ਵਿਖੇ ਸੰਗਤਾਂ ਲਈ ਗੁਰੂ ਕੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਵਿਸ਼ਵਾਸ ਦਿਵਾਇਆ ਕਿ ਨਗਰ ਕੀਰਤਨ ਦੀ ਸੇਵਾ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਨਿਰਮਲ ਸਿੰਘ ਖ਼ਾਲਸਾ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੇ ਨਗਰ ਕੀਰਤਨ ਦੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਿਚ ਫਲੈਕਸ ਲਗਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਗਰ ਕੀਰਤਨ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਇਸ ਮੌਕੇ ਬਾਬਾ ਬਚਿੱਤਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਜਸਪਾਲ ਸਿੰਘ ਨਾਨਕਸਰ ਵਾਲੇ, ਬਾਬਾ ਸੁੱਚਾ ਸਿੰਘ ਸ਼ਹੀਦ, ਬਸੰਤ ਸਿੰਘ ਕੰਗ, ਸੁਖਵਿੰਦਰ ਸਿੰਘ ਭੁੱਲਰ, ਹਰਜੀਤ ਸਿੰਘ, ਕਾਬਲ ਸਿੰਘ, ਹਰਦਿਆਲ ਸਿੰਘ, ਭਾਈ ਸੁਖਦੇਵ ਸਿੰਘ, ਪਰਮਿੰਦਰ ਸਿੰਘ ਕੋਲਿਆਂਵਾਲੀ, ਹਰਮੰਦਰ ਸਿੰਘ ਹਰੀ, ਜਸਦੇਵ ਸਿੰਘ ਸੰਧੂ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਐੱਮ.ਸੀ. ਸਾਹਿਬਾਨ, ਡਾ. ਸੁਖਵੰਤ ਉਪਲ, ਜਸਵਿੰਦਰ ਸਿੰਘ ਵਾਲੀਆ, ਹਰਜਿੰਦਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਰੇਸ਼ਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਪੁਲਿਸ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਦਿਖਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।