ਬੁਢਲਾਡਾ, 17 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਕਿ੍ਕਟ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ 10 ਟੀਮਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਖੇਡਾਂ ਪ੍ਰਤੀ ਰੁਚੀ ਵਧਾਉਣਾ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰਮਨਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਦੇ ਫਾਈਨਲ ਮੁਕਾਬਲੇ 'ਚ ਐਲੀਟ ਇਲੈਵਨ ਨੇ ਬਾਬਾ ਬੰਦਾ ਸਿੰਘ ਬਹਾਦਰ ਟੀਮ ਨੂੰ ਹਰਾ ਕੇ ਜੇਤੂ ਬਣਨ ਦਾ ਮਾਣ ਹਾਸਲ ਕੀਤਾ | ਇਸੇ ਤਰ੍ਹਾਂ ਸੁਪੇਨ ਇਲੈਵਨ ਅਤੇ ਸਾਇੰਸ ਵਿਭਾਗ ਦੀਆਂ ਟੀਮਾਂ ਕ੍ਰਮਵਾਰ ਤੀਜੇ ਅਤੇ ਚੌਥੇ ਸਥਾਨ ਤੇ ਰਹੀਆਂ | ਇਸ ਮੌਕੇ ਡਾ. ਗੁਰਪ੍ਰੀਤ ਕੌਰ, ਗੁਰਮੁੱਖ ਸਿੰਘ, ਸੁਖਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਆਦਿ ਹਾਜ਼ਰ ਸਨ |