ਬੁਢਲਾਡਾ, 18 ਫਰਵਰੀ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਧਰਮ ਅਧਿਐਨ ਵਿਭਾਗ ਵਲੋਂ ਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਸਦਾਚਾਰਕ ਤੇ ਨੈਤਿਕ ਕਦਰਾਂ ਕੀਮਤਾਂ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ 'ਚ ਭਾਈ ਰਾਜਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਅੱਜ ਨੈਤਿਕ ਅਤੇ ਸਦਾਚਾਰਕ ਕਦਰਾਂ-ਕੀਮਤਾਂ ਦਾ ਪ੍ਰਚਾਰ ਅਤੇ ਪ੍ਰਸਾਰ ਸਮੇਂ ਦੀ ਮੁੱਖ ਲੋੜ ਹੈ | ਵਿਦਿਆਰਥੀਆਂ 'ਚ ਨੈਤਿਕ ਗੁਣ ਪੈਦਾ ਕਰਨ ਲਈ ਸੰਸਥਾ ਵਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ, ਜਿਨ੍ਹਾਂ ਦਾ ਵਿਦਿਆਰਥੀਆਂ ਦੇ ਜੀਵਨ 'ਚ ਮੁੱਖ ਮਹੱਤਵ ਹੁੰਦਾ ਹੈ | ਭਾਈ ਰਾਜਪਾਲ ਸਿੰਘ ਨੇ ਆਪਣੇ ਲੈਕਚਰ 'ਚ ਵਿਦਿਆਰਥੀਆਂ ਨੂੰ ਜੀਵਨ ਦਾ ਅਸਲ ਮਕਸਦ ਅਤੇ ਜੀਵਨ ਨੂੰ ਜੀਣ ਦਾ ਸਹੀ ਢੰਗ ਤਰੀਕਾ ਦੱਸਿਆ | ਇਸ ਦੌਰਾਨ ਵਿਦਿਆਰਥੀਆਂ ਨਾਲ ਸਵਾਲ ਜਵਾਬ ਕੀਤੇ ਗਏ ਅਤੇ ਢੁਕਵੇਂ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਗਈ | ਉਨ੍ਹਾਂ ਨੇ ਕਿਹਾ ਕਿ ਸਾਨੂੰ ਨਿੱਜੀ ਜ਼ਿੰਦਗੀ 'ਚੋਂ ਛੋਟੀਆਂ ਛੋਟੀਆਂ ਖ਼ੁਸ਼ੀਆਂ ਲੱਭਣੀਆਂ ਚਾਹੀਦੀਆਂ ਹਨ | ਡਾ. ਰਾਜਿੰਦਰ ਕੌਰ ਨੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ 'ਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਆ |
ਸਦਾਚਾਰਕ ਅਤੇ ਨੈਤਿਕ ਕਦਰਾਂ ਕੀਮਤਾਂ 'ਤੇ ਲੈਕਚਰ ਕਰਵਾਇਆ
ਅਜੀਤ ਡੈਸਕ
19-02-2026