ਮਾਨਸਾ, 19 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮੁਲਾਜ਼ਮ ਜਥੇਬੰਦੀਆਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਰੋਸ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਨੌਕਰੀ ਕਰ ਰਹੇ ਅਧਿਆਪਕਾਂ 'ਤੇ ਟੈੱਟ ਥੋਪਣ ਦੀ ਨਿੰਦਾ ਵੀ ਕੀਤੀ | ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ, ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਸੇਵਾ ਮੁਕਤੀ ਤੋਂ ਬਾਅਦ ਕਰਮਚਾਰੀਆਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਨਹੀਂ ਕਰਦੀ, ਜੋ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਹੈ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ | ਇਸੇ ਤਰਾਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਤਰੱਕੀ ਲੈਣ ਲਈ ਟੈੱਟ ਪਾਸ ਜ਼ਰੂਰੀ ਕਰਨ ਦੀ ਨਿਖੇਧੀ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾ ਰਹੀ ਹੈ, ਨੂੰ ਇਸ ਦਾ ਖ਼ਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਭੁਗਤਣਾ ਪਵੇਗਾ | ਇਸ ਮੌਕੇ ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ, ਪੀ.ਐਸ.ਐਮ.ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ, ਲਖਵਿੰਦਰ ਸਿੰਘ ਮਾਨ, ਜਸਵੰਤ ਸਿੰਘ ਮੌਜੋਂ, ਪ੍ਰਭਜੋਤ ਸਿੰਘ, ਮਲਕੀਤ ਸਿੰਘ ਖ਼ਿਆਲਾ, ਰਾਜਵਿੰਦਰ ਸਿੰਘ ਬਹਿਣੀਵਾਲ ਆਦਿ ਹਾਜ਼ਰ ਸਨ |
ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਰੋਸ 'ਚ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
ਅਜੀਤ ਡੈਸਕ
20-02-2026