ਮਾਨਸਾ, 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ 'ਚ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਗਠਿਤ ਹੁੰਦਿਆਂ ਹੀ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਹਾਲੇ ਤੱਕ ਕੋਈ ਮੰਗ ਪੂਰੀ ਨਹੀਂ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਵਰਕਰਾਂ ਤੇ ਹੈਲਪਰਾਂ ਦਾ ਭੱਤਾ ਦੁੱਗਣਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਮੰਤਰੀ ਡਾ. ਬਲਜੀਤ ਕੌਰ ਵਲੋਂ ਕਈ ਵਾਰ ਮੀਟਿੰਗਾਂ ਵੀ ਕੀਤੀਆਂ ਗਈਆਂ ਪਰ ਵਰਕਰਾਂ ਦੇ ਪੱਲੇ ਨਿਰਾਸ਼ਾ ਹੀ ਪਈ | ਜਥੇਬੰਦੀ ਵਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 8 ਮਾਰਚ ਨੂੰ ਵਿਭਾਗ ਦੇ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਕੌਰ, ਗੁਰਪ੍ਰੀਤ ਕੌਰ, ਸਵਰਨ ਕੌਰ, ਸਤਨਾਮ ਕੌਰ, ਕਰਮਜੀਤ ਕੌਰ, ਗੁਰਪਿਆਰ ਕੌਰ, ਜਸਵੀਰ ਕੌਰ, ਸੁਖਚੈਨ ਕੌਰ ਆਦਿ ਹਾਜ਼ਰ ਸਨ |