ਮਾਨਸਾ, 29 ਅਪ੍ਰੈਲ (ਸ.ਰਿ.)- ਸਿਹਤ ਵਿਭਾਗ ਵਲੋਂ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੋਂ ਬਚਾਅ ਲਈ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ | ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਟੀਕਾਕਰਨ 14 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 16 ਤੋਂ 18 ਸਾਲ ਦੀਆਂ ਲੜਕੀਆਂ ਨੂੰ ਇਹ ਕੈਂਸਰ ਦਾ ਜ਼ਿਆਦਾ ਖ਼ਤਰਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਹੀ ਉਮਰ 'ਚ ਟੀਕਾਕਰਨ ਕਰਵਾਇਆ ਜਾਵੇ ਤਾਂ ਇਸ ਖ਼ਤਰੇ ਨੂੰ ਲਗਭਗ 90 ਫ਼ੀਸਦੀ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ 100 ਫ਼ੀਸਦੀ ਸੁਰੱਖਿਅਤ ਟੀਕਾਕਰਨ ਹੈ ਅਤੇ 159 ਦੇਸ਼ਾਂ 'ਚ ਪਹਿਲਾਂ ਹੀ 50 ਕਰੋੜ ਤੋਂ ਵੱਧ ਡੋਜਾਂ ਲਗਾਈਆਂ ਜਾ ਚੁੱਕੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਡਰ ਜਾਂ ਅਫ਼ਵਾਹ ਤੋਂ ਬਚ ਕੇ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ |