ਮਾਨਸਾ, 30 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਸਰਦੂਲਗੜ੍ਹ ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਐਕਸੀਅਨ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਸੀਵਰੇਜ ਅਤੇ ਬਰਸਾਤੀ ਨਾਲਿਆਂ ਦੀ ਮੁਕੰਮਲ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਮਿਆਰੀ ਕਿਸਮ ਦੀ ਗੁਣਵੱਤਾ ਆਧਾਰਿਤ ਸਮਗਰੀ ਹੀ ਵਰਤੋਂ 'ਚ ਲਿਆਂਦੀ ਜਾਵੇ ਅਤੇ ਇਸ ਮਾਮਲੇ 'ਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਆਦਿ ਹਾਜ਼ਰ ਸਨ |