ਸਰਦੂਲਗੜ੍ਹ/ਬਰੇਟਾ, 17 ਜੂਨ (ਜੀ.ਐਮ. ਅਰੋੜਾ/ਜੀਵਨ ਸ਼ਰਮਾ)- ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਸਥਾਈ ਹੱਲ ਲਈ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਅਤੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਲਗਾਤਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈ ਕੇ ਉਚਿਤ ਨਿਪਟਾਰਾ ਕਰਵਾਉਂਦੇ ਰਹਿੰਦੇ ਹਨ । ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਦੁਕਾਨਦਾਰਾਂ, ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਵਪਾਰੀ ਪ੍ਰਸ਼ਾਸਨ ਨਾਲ ਸਿੱਧੇ ਤੌਰ ‘ਤੇ ਰਾਬਤਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦਾ ਗਠਨ ਮੁੱਖ ਤੌਰ ‘ਤੇ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿਤਾਂ ਦੀ ਰਾਖੀ, ਮੁਸ਼ਕਿਲਾਂ ਨੂੰ ਸੁਣਨ ਅਤੇ ਵਪਾਰਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਕੀਤਾ ਗਿਆ ਹੈ। ਮੀਟਿੰਗਾਂ ਦੌਰਾਨ ਵਪਾਰਕ ਤਜਰਬੇਕਾਰ ਆਗੂਆਂ ਤੇ ਮਾਹਿਰਾਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ ਅਤੇ ਕੁਝ ਵਪਾਰੀਆਂ ਨੇ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਵੀ ਦਿੱਤੀ, ਦਾ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਹੀ ਸੰਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਇਆ।