ਬਰੇਟਾ, 25 ਜੁਲਾਈ (ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਅਧਿਆਪਕਾਂ ਦੀ ਵੱਡੀ ਘਾਟ ਹੋਣ ਕਾਰਨ ਮੈਨੇਜਮੈਂਟ ਕਮੇਟੀ ਵਲੋਂ ਮਾਪਿਆਂ ਦੇ ਸਹਿਯੋਗ ਨਾਲ ਸਕੂਲ ਨੂੰ ਤਾਲਾ ਲਗਾ ਕੇ ਧਰਨੇ ਦੌਰਾਨ ਸਰਕਾਰ ਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਕੂਲ ‘ਚ ਵਿਦਿਆਰਥੀਆਂ ਦੀ ਕੁੱਲ ਗਿਣਤੀ 734 ਹੈ ਜਦਕਿ ਅਧਿਆਪਕਾਂ ਦੀ ਕੁੱਲ ਗਿਣਤੀ 13 ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ‘ਚ ਕਈ ਵਿਸ਼ਿਆਂ ਦੀਆਂ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਸੀ ਪਰ ਮਸਲਾ ਹੱਲ ਨਹੀਂ ਹੋਇਆ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਮਿਲਿਆ ਗਿਆ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖਾਲੀ ਪਈਆਂ ਅਸਾਮੀਆਂ ‘ਤੇ ਅਧਿਆਪਕਾਂ ਦੀ ਨਿਯੁਕਤੀ ਨਹੀਂ ਹੁੰਦੀ, ਸਕੂਲ ਦਾ ਜਿੰਦਰਾ ਨਹੀਂ ਖੋਲ੍ਹਿਆ ਜਾਵੇਗਾ। ਧਰਨੇ ‘ਤੇ ਪਹੁੰਚੇ ਥਾਣਾ ਮੁਖੀ ਗਣੇਸ਼ਵਰ ਕੁਮਾਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਨਾਲ ਸੰਪਰਕ ਕੀਤਾ ਗਿਆ। ਉਪਰੰਤ ਸਕੂਲ ਪੁੱਜ ਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਤੇ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਨੇ ਸਕੂਲ ਕਮੇਟੀ ਨੂੰ ਭਰੋਸਾ ਦਿਵਾਇਆ ਕਿ 25 ਅਗਸਤ ਤੱਕ ਸਾਰੀਆਂ ਅਸਾਮੀਆਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬੰਤ ਸਿੰਘ, ਉਪ ਚੇਅਰਮੈਨ ਜਗਰਾਜ ਸਿੰਘ, ਮੈਂਬਰ ਖਜਾਨਚੀ ਸ਼ਰਮਾ, ਜਲਵਿੰਦਰ ਸਿੰਘ ਜੋਰਾ, ਅਮ੍ਰਿਤਪਾਲ ਸਿੰਘ, ਕੁਲਦੀਪ ਸਿੰਘ ਬਹਾਦਰਪੁਰ, ਪ੍ਰਕਾਸ਼ ਸਿੰਘ ਕੁੱਲਰੀਆਂ, ਅਜੈਬ ਸਿੰਘ, ਪਰਮਜੀਤ ਸਿੰਘ ਪੰਮਾ, ਮੁਖਤਿਆਰ ਸਿੰਘ, ਜਸਵੀਰ ਸਿੰਘ ਜੱਸੀ, ਜਗਰਾਜ ਸਿੰਘ ਕਾਹਨਗੜ੍ਹ, ਟਿੱਕੂ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
ਅਧਿਆਪਕਾਂ ਦੀ ਘਾਟ ਕਾਰਨ ਸਰਕਾਰੀ ਮਾਡਲ ਸਕੂਲ ਕੁੱਲਰੀਆਂ ਨੂੰ ਲਗਾਇਆ ਤਾਲਾ
ਅਜੀਤ ਡੈਸਕ
26-07-2026